ਸਟੇਡੀਅਮ ਬਣਾਉਣ ਵਾਲੀ ਕੰਪਨੀ ਵਿਰੁੱਧ ਜਾਂਚ ਦੇ ਹੁਕਮ
ਪੱਤਰ ਪ੍ਰੇਰਕ
ਫਰੀਦਾਬਾਦ, 6 ਮਈ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਦੇ ਰਾਜਾ ਨਾਹਰ ਸਿੰਘ ਕ੍ਰਿਕਟ ਸਟੇਡੀਅਮ ਦੇ ਨਿਰਮਾਣ ਕਾਰਜ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਜੋ ਪਿਛਲੇ ਚਾਰ ਸਾਲਾਂ ਤੋਂ ਰੁਕਿਆ ਹੋਇਆ ਹੈ। ਮੁੱਖ ਮੰਤਰੀ ਨੇ ਸਟੇਡੀਅਮ ਬਣਾਉਣ ਵਾਲੀ ਕੰਪਨੀ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜਲਦੀ ਹੀ ਜਾਂਚ ਪੂਰੀ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਲੋਕਾਂ ਵੱਲੋਂ ਸਟੇਡੀਅਮ ਪੂਰਾ ਕਰਨ ਦੀ ਮੰਗ ਉਠਾਈ ਗਈ ਸੀ। 2015 ਵਿੱਚ ਤਤਕਾਲੀ ਮੁੱਖ ਮੰਤਰੀ ਮਨੋਹਰ ਲਾਲ ਨੇ ਸਟੇਡੀਅਮ ਦੇ ਨਵੀਨੀਕਰਨ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਗੁਜਰਾਤ ਦੀ ਰਣਜੀਤ ਬਿਲਡਕਾਨ ਕੰਪਨੀ ਨੇ 2018 ਵਿੱਚ ਕੰਮ ਸ਼ੁਰੂ ਕੀਤਾ ਸੀ ਪਰ ਪਿਛਲੇ ਚਾਰ ਸਾਲਾਂ ਤੋਂ ਕੰਮ ਰੁਕਿਆ ਹੋਇਆ ਹੈ। ਬੜਖਲ ਦੇ ਵਿਧਾਇਕ ਧਨੇਸ਼ ਅਦਲਖਾਹ ਅਤੇ ਸ਼ਹਿਰੀ ਸੰਸਥਾਵਾਂ ਮੰਤਰੀ ਵਿਪੁਲ ਗੋਇਲ ਨਾਲ ਵੀ ਗੱਲ ਕੀਤੀ ਗਈ। ਇਹ ਮਾਮਲਾ ਫਰੀਦਾਬਾਦ ਮੈਟਰੋਪੋਲੀਟਨ ਵਿਕਾਸ ਅਥਾਰਟੀ ਦੀ ਸਮੀਖਿਆ ਮੀਟਿੰਗ ਵਿੱਚ ਉਠਾਇਆ ਗਿਆ ਸੀ। ਮੁੱਖ ਮੰਤਰੀ ਸੈਣੀ ਨੇ ਇਸ ਬਾਰੇ ਜਾਣਕਾਰੀ ਮੰਗੀ ਕਿ ਕੰਮ ਕਿਉਂ ਰੋਕਿਆ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ, ਰਾਜ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਆਈਏਐੱਸ ਅਧਿਕਾਰੀ ਵਿਕਾਸ ਗੁਪਤਾ ਨਾਲ ਗੱਲਬਾਤ ਕੀਤੀ ਸੀ।
ਵਿਧਾਇਕ ਧਨੇਸ਼ ਅਦਲਖਾ ਨੇ ਮੁੱਖ ਮੰਤਰੀ ਦੇ ਸਾਹਮਣੇ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਦੀ ਮੰਗ ਰੱਖੀ, ਜਦੋਂ ਕਿ ਸ਼ਹਿਰੀ ਸੰਸਥਾਵਾਂ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਇਸ ਦਾ ਨਿਰਮਾਣ ਕਾਰਜ ਜਲਦੀ ਪੂਰਾ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਪੀਪੀਪੀ ਮੋਡ ’ਤੇ ਚਲਾਇਆ ਜਾਣਾ ਚਾਹੀਦਾ ਹੈ, ਤਾਂ ਜੋ ਇਸ ਦੀ ਸਹੀ ਵਰਤੋਂ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਠੇਕੇਦਾਰ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਹਨ ਜੋ ਉਸਾਰੀ ਦਾ ਕੰਮ ਕਰ ਰਿਹਾ ਸੀ ਕਿਉਂਕਿ ਕੰਮ ਬੰਦ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੂੰ ਜਾਂਚ ਪੂਰੀ ਕਰਨ ਅਤੇ ਜਲਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।