ਸੜਕਾਂ ’ਤੇ ਮੀਟ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਮਾਰਚ
ਦਿੱਲੀ ਦੇ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਮੰਤਰੀ ਪਰਵੇਸ਼ ਵਰਮਾ ਨੇ ਅੱਜ ਨਰਾਤਿਆਂ ਤੋਂ ਪਹਿਲਾਂ ‘ਗੈਰ-ਕਾਨੂੰਨੀ’ ਮੀਟ ਵੇਚਣ ਵਾਲਿਆਂ ’ਤੇ ਕਾਰਵਾਈ ਦਾ ਐਲਾਨ ਕੀਤਾ। ਦਿੱਲੀ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ, ਭਾਜਪਾ ਵਿਧਾਇਕ ਕਰਨੈਲ ਸਿੰਘ ਨੇ ਨੌਂ ਦਿਨਾਂ ਤਿਉਹਾਰ ਤੋਂ ਪਹਿਲਾਂ ਫੁੱਟਪਾਥਾਂ ਅਤੇ ਦੁਕਾਨਾਂ ਵਿੱਚ ਖੁੱਲ੍ਹੇਆਮ ਮੀਟ ਵਿਕਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੇ ਜਵਾਬ ਵਿੱਚ ਵਰਮਾ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਜੇ ਕੋਈ ਕਿਤੇ ਵੀ ਗ਼ੈਰਕਾਨੂੰਨੀ ਢੰਗ ਨਾਲ ਬੈਠਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਲਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਕਬਜ਼ੇ ਦੀ ਸੂਚਨਾ ਦੇਣ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ਦੇ ਹੱਲ ਲਈ ਮੁਹਿੰਮ ਚਲਾਈ ਜਾਵੇਗੀ। ਸ੍ਰੀ ਵਰਮਾ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਕਬਜ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨਗੇ। ਵਰਮਾ ਨੇ ਸਦਨ ਨੂੰ ਦੱਸਿਆ ਕਿ ਰਾਜਧਾਨੀ ਵਿੱਚ ਗੈਰ-ਕਾਨੂੰਨੀ ਮੀਟ ਅਤੇ ਮੱਛੀ ਵੇਚਣ ਵਾਲੀਆਂ ਇਕਾਈਆਂ ਨੂੰ ਹਟਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਹਫ਼ਤੇ ਦੇ ਸ਼ੁਰੂ ਵਿੱਚ ਭਾਜਪਾ ਦੇ ਵਿਧਾਇਕ ਰਵਿੰਦਰ ਸਿੰਘ ਨੇਗੀ ਨੇ ਨਰਾਤਿਆਂ ਦੌਰਾਨ ਮੀਟ ਦੀਆਂ ਦੁਕਾਨਾਂ ਬੰਦ ਕਰਨ ਦਾ ਸੱਦਾ ਦਿੱਤਾ ਅਤੇ ਇੱਕ ਬਹਿਸ ਛੇੜ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਕਾਫ਼ੀ ਭਖ ਗਿਆ ਹੈ ਤੇ ਵਿਰੋਧੀ ਧਿਰਾਂ ਵੱਲੋਂ ਹਾਕਮ ਧਿਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਸਿਆਸੀ ਆਗੂਆਂ ਨੇ ਭਾਜਪਾ ’ਤੇ ਲੋਕਾਂ ਵਿੱਚ ਵੰਡੀਆਂ ਪਾਉਣ ਦੇ ਦੋਸ਼ ਲਾਏ ਹਨ।
ਰਾਜ ਸਭਾ ਮੈਂਬਰ ਸੰਜੈ ਸਿੰਘ ਵੱਲੋਂ ਭਾਜਪਾ ਸਰਕਾਰ ਨੂੰ ਚਿਤਾਵਨੀ
ਇੱਥੇ ਪ੍ਰੈਸ ਕਾਨਫਰੰਸ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਭਾਜਪਾ ’ਤੇ ਚੋਣਵੇਂ ਢੰਗ ਨਾਲ ਪਾਬੰਦੀਆਂ ਲਾਗੂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜੇ ਭਾਜਪਾ ਵਿੱਚ ਹਿੰਮਤ ਹੈ ਤਾਂ ਉਹ ਨਰਾਤਿਆਂ ਦੌਰਾਨ ਵੱਡੇ ਰੈਸਟੋਰੈਂਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਜਿੱਥੇ ਮੁਸਲਮਾਨਾਂ ਨੂੰ ਈਦ ਦੀਆਂ ਕਿੱਟਾਂ ਵੰਡ ਰਹੀ ਹੈ, ਉੱਥੇ ਹੀ ਛੋਟੇ ਮੀਟ ਵਿਕਰੇਤਾਵਾਂ ’ਤੇ ਵੀ ਸ਼ਿਕੰਜਾ ਕੱਸ ਰਹੀ ਹੈ।ਲੋਕਾਂ ’ਚ ਵੰਡੀਆਂ ਪਾ ਰਹੀ ਹੈ ਭਾਜਪਾ: ਸਿੰਘਵੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਕਾਂਗਰਸ ਨੇਤਾ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਨਫ਼ਰਤ ਨਾਲ ਪ੍ਰੇਰਿਤ ਏਜੰਡਾ ਲਾਗੂ ਕਰਕੇ ਭਾਈਚਾਰਿਆਂ ਨੂੰ ਵੰਡ ਰਹੀ ਹੈ। ਉਨ੍ਹਾਂ ਐਕਸ ’ਤੇ ਕਿਹਾ, ‘‘ਦਿੱਲੀ ਦੀ ਨਵੀਂ ਭਾਜਪਾ ਸਰਕਾਰ ਨੇ ਕੋਈ ਸਮਾਂ ਬਰਬਾਦ ਨਹੀਂ ਕੀਤਾ। ਭਾਈਚਾਰਿਆਂ ਨੂੰ ਵੰਡਣ ਤੋਂ ਲੈ ਕੇ ਨਫ਼ਰਤ ਵਾਲੇ ਏਜੰਡੇ ਨੂੰ ਅੱਗੇ ਵਧਾਉਣ ਤੱਕ ਉਨ੍ਹਾਂ ਦੀਆਂ ਤਰਜੀਹਾਂ ਸਪੱਸ਼ਟ ਹਨ।’’ ਕਾਂਗਰਸੀ ਆਗੂ ਦੀਆਂ ਟਿੱਪਣੀਆਂ ਨੂੰ ਹਾਲ ਹੀ ਦੀਆਂ ਘਟਨਾਵਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਜਿਸ ਵਿੱਚ ਇੱਕ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਨਮਾਜ਼ ਅਦਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ ਜਦਕਿ ਦੂਜੇ ਨੇ ਰਾਸ਼ਟਰੀ ਰਾਜਧਾਨੀ ਵਿੱਚ ਨਰਾਤਿਆਂ ਦੌਰਾਨ ਮੀਟ ਦੀਆਂ ਦੁਕਾਨਾਂ ਬੰਦ ਕਰਨ ’ਤੇ ਜ਼ੋਰ ਦਿੱਤਾ ਹੈ। ਸ਼ਕੂਰ ਬਸਤੀ ਦੇ ਵਿਧਾਇਕ ਕਰਨੈਲ ਸਿੰਘ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਨਤਕ ਥਾਵਾਂ ’ਤੇ ਨਮਾਜ਼ ਕਾਰਨ ਹੋਣ ਵਾਲੀ ਅਸੁਵਿਧਾ ਨੂੰ ਰੋਕਣ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। 25 ਮਾਰਚ ਦੇ ਆਪਣੇ ਪੱਤਰ ਵਿੱਚ ਸਿੰਘ ਨੇ ਦਾਅਵਾ ਕੀਤਾ ਕਿ ਸੜਕਾਂ ਅਤੇ ਜਨਤਕ ਥਾਵਾਂ 'ਤੇ ਕੀਤੀਆਂ ਜਾ ਰਹੀਆਂ ਨਮਾਜ਼ਾਂ ਆਵਾਜਾਈ ਅਤੇ ਜ਼ਰੂਰੀ ਸੇਵਾਵਾਂ ਵਿੱਚ ਵਿਘਨ ਪਾਉਂਦੀਆਂ ਹਨ। ਕਰਨੈਲ ਸਿੰਘ ਵੱਲੋਂ ਹਿੰਦੀ ਵਿੱਚ ਲਿਖੇ ਗਏ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਸ਼ਹਿਰ ਵਿੱਚ, ਸੜਕਾਂ ਅਤੇ ਜਨਤਕ ਥਾਵਾਂ ’ਤੇ ਨਮਾਜ਼ ਅਦਾ ਕਰਨ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਅਸੁਵਿਧਾ ਹੁੰਦੀ ਹੈ।Advertisement