ਸੜਕ ਹਾਦਸਾ: ਟਿੱਪਰ ਦੇ ਮਾਲਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਅਸ਼ਵਨੀ ਗਰਗ
ਸਮਾਣਾ, 27 ਮਈ
ਇੱਥੇ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਅਤੇ ਕਾਰ ਚਾਲਕ ਦੀ ਮੌਤ ਮਾਮਲੇ ’ਚ ਟਿੱਪਰ ਦੇ ਮਾਲਕਾਂ ਨੂੰ 21 ਦਿਨ ਬੀਤ ਜਾਣ ਦੇ ਬਾਵਜੂਦ ਗ੍ਰਿਫ਼ਤਾਰ ਨਾ ਕਰਨ ’ਤੇ ਬੱਚਿਆਂ ਦੇ ਮਾਪਿਆਂ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇਨਸਾਫ਼ ਲਈ ਸਥਾਨਕ ਐੱਸਡੀਐੱਮ ਰਿਚਾ ਗੋਇਲ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬੁੱਧਵਾਰ ਸ਼ਾਮ ਤੱਕ ਟਿੱਪਰ ਮਾਲਕਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 29 ਮਈ ਤੋਂ ਸਮਾਣਾ ਪੂਰਨ ਤੌਰ ’ਤੇ ਬੰਦ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੁਲੀਸ ਰਾਜਨੀਤਕ ਜਾਂ ਕਿਸੇ ਹੋਰ ਦਬਾਅ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਉਹ ਪੁਲੀਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਸ਼ਹਿਰ ਬੰਦ ਕੀਤਾ ਜਾਵੇਗਾ। ਐੱਸਡੀਐੱਮ ਰਿਚਾ ਗੋਇਲ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਮਾਪਿਆਂ ਵੱਲੋਂ ਦਿੱਤਾ ਮੰਗ ਪੱਤਰ ਡੀਸੀ ਪਟਿਆਲਾ ਅਤੇ ਐੱਸਐੱਸਪੀ ਪਟਿਆਲਾ ਨੂੰ ਭੇਜਿਆ ਜਾਵੇਗਾ।