ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਅੱਗੇ ਕੂੜਾ ਸੁੱਟਣ ਦਾ ਐਲਾਨ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਅਪਰੈਲ
ਮੁਹਾਲੀ ਦੇ ਸਫ਼ਾਈ ਕਰਮਚਾਰੀਆਂ ਨੇ 8 ਅਪਰੈਲ ਨੂੰ ਮੁਕੰਮਲ ਹੜਤਾਲ ਕਰਕੇ ਕਈ ਅਫ਼ਸਰਾਂ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਰੋਸ ਜ਼ਾਹਿਰ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਪਬਲਿਕ ਪਾਰਕ ਫੇਜ਼-9 ਵਿੱਚ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਹੇਠ ਹੋਈ ਜਨਰਲ ਬਾਡੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਵਿੱਚ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਰਾਜਨ ਚਾਵਰੀਆ, ਬ੍ਰਿਜ ਮੋਹਨ, ਰਾਜੂ ਸੰਗੇਲੀਆ, ਸਚਿਨ ਕੁਮਾਰ, ਰਾਜਿੰਦਰ ਬਾਗੜੀ, ਰੋਸ਼ਨ ਲਾਲ ਆਦਿ ਆਗੂਆਂ ਨੇ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਆਈਟੀ ਸਿਟੀ ਸੈਕਟਰ-66-ਬੀ ਦੀ ਰੈਜ਼ੀਡੈਂਸ਼ੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਵਧਵਾ ਅਤੇ ਮੈਂਬਰ ਮਨਪ੍ਰੀਤ ਸਿੰਘ ਸਿੱਧੂ, ਕਰ ਤੇ ਆਬਕਾਰੀ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਕਾਲੀਚਰਨ ਵੱਲੋਂ ਆਈਟੀ ਸਿਟੀ ਵਿੱਚ ਪਿਛਲੇ 10-12 ਸਾਲਾਂ ਤੋਂ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਗਾਰਬੇਜ ਕੁਲੈਕਟਰ ਨੂੰ ਹਟਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਿਸਟੈਂਟ ਕਮਿਸ਼ਨਰ ਕਿਸੇ ਬਾਹਰੀ ਵਿਅਕਤੀ ਤੋਂ ਕੁਟੇਸ਼ਨ ਦਿਵਾਉਣ ਦੀ ਆੜ ਵਿੱਚ ਠੇਕਾ ਲੈਣ ਦੀ ਤਾਕ ਵਿੱਚ ਹਨ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਐਲਾਨ ਕੀਤਾ ਕਿ 8 ਅਪਰੈਲ ਨੂੰ ਸ਼ਹਿਰ ਵਿੱਚ ਘਰ-ਘਰ ਤੋਂ ਕੂੜਾ ਚੁੱਕਣਾ ਬੰਦ ਕਰਕੇ ਉਪਰੋਕਤ ਵਿਅਕਤੀਆਂ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਡੱਬੀ::: ਬੀਆਰ ਅੰਬੇਡਕਰ ਬਾਰੇ ਟਿੱਪਣੀਆਂ ਦੀ ਨਿਖੇਧੀ
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਅਤੇ ਜਨਰਲ ਸਕੱਤਰ ਪਵਨ ਗੋਡਯਾਲ ਨੇ ਗੁਰਵੰਤ ਸਿੰਘ ਪੰਨੂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀ ਕਰਨ ਅਤੇ ਖਾਲਿਸਤਾਨ ਦੇ ਨਾਅਰੇ ਲਿਖਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਨੂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਵਿੱਚ ਗੜਬੜੀ ਫੈਲਾਉਣਾ ਚਾਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਨੂ ਖ਼ਿਲਾਫ਼ ਫੌਰੀ ਅਪਰਾਧਕ ਕੇਸ ਦਰਜ ਕਰ ਕੇ ਇੰਟਰਪੋਲ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।