ਸਫ਼ਾਈ ਮੁਲਾਜ਼ਮਾਂ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਗਸਤ
ਰਾਜਧਾਨੀ ਦੇ ਸਫ਼ਾਈ ਵਰਕਰਾਂ ਨੇ ਅੱਜ ਇੱਥੇ ਜੰਤਰ-ਮੰਤਰ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਸਫ਼ਾਈ ਮੁਲਜ਼ਾਮਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ, ਦਿੱਲੀ ਸਰਕਾਰ ਤੇ ਐੱਮਸੀਡੀ ਵੱਲੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਵਾਅਦੇ ਵਫ਼ਾ ਨਹੀਂ ਕੀਤੇ ਗਏ, ਜਿਸ ਕਰਕੇ ਉਨ੍ਹਾਂ ਨੂੰ ਸੜਕਾਂ ਉਪਰ ਉਤਰਨਾ ਪਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੇਦੀ ਅਤੇ ਕੇਜਰੀਵਾਲ ਸਰਕਾਰ ਵੱਲੋਂ ਕਈ ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ’ਚੋਂ ਕੋਈ ਵਫ਼ਾ ਨਹੀਂ ਹੋਇਆ। ਮਲੇਰੀਆ ਤੇ ਡੇਂਗੂ ਦੇ ਦੌਰ ਦੌਰਾਨ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸਫ਼ਾਈ ਮੁਲਾਜ਼ਮਾਂ ’ਤੇ ਹੁੰਦੀ ਹੈ ਤੇ ਇਸ ਦੌਰਾਨ ਉਹ ਨਿੱਠ ਕੇ ਕੰਮ ਕਰਦੇ ਹੋਏ ਆਪਣੀ ਜਾਨ ਵੀ ਜੋਖ਼ਮ ਵਿੱਚ ਪਾਉਂਦੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਪ੍ਰਦਰਸ਼ਨਕਾਰੀਆਂ ਨੇ ਐੱਮਸੀਡੀ ਤੇ ਦਿੱਲੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਆਪਣੀਆਂ ਮੰਗਾਂ ਮਨਵਾਉਣ ਲਈ ਲੰਮਾ ਸੰਘਰਸ਼ ਵਿੱਢਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਸਫ਼ਾਈ ਲਈ ਲੋੜੀਂਦੇ ਸਾਧਨ ਨਹੀਂ ਹਨ। ਮੁਲਾਜ਼ਮਾਂ ਨੂੰ ਸੀਵਰਾਂ ਵਿੱਚ ਖ਼ੁਦ ਹੇਠਾਂ ਉਤਰ ਕੇ ਸਫ਼ਾਈ ਕਰਨੀ ਪੈਂਦੀ ਹੈ ਜਦੋਂ ਕਿ ਅਦਾਲਤਾਂ ਵੱਲੋਂ ਮਨੁੱਖਾਂ ਰਾਹੀਂ ਸੀਵਰਾਂ ਦੀ ਸਫ਼ਾਈ ਨਾ ਕਰਨ ਬਾਰੇ ਅਹਿਮ ਹੁਕਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਕਈ ਵਾਰ ਸੈਨੀਟੇਸ਼ਨ ਵਰਕਰਾਂ ਦੀਆਂ ਮੌਤਾਂ ਹੋ ਜਾਂਦੀਆਂ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਦੇ ਵਾਰਸਾਂ ਨੂੰ ਢੁਕਵਾਂ ਮੁਆਵਜ਼ਾ ਵੀ ਨਹੀਂ ਦਿੱਤਾ ਜਾਂਦਾ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਠੇਕੇਦਾਰ ਪੈਸੇ ਬਚਾਉਣ ਲਈ ਮਜ਼ਦੂਰਾਂ ਨੂੰ ਢੁਕਵਾਂ ਸਾਮਾਨ ਨਹੀਂ ਦਿੰਦੇ, ਜੋ ਉਨ੍ਹਾਂ ਦੀ ਮੌਤ ਦਾ ਕਾਰਨ ਬਣਦਾ ਹੈ।