ਸਫ਼ਾਈ ਸੇਵਕਾਂ ਦੀ ਹੜਤਾਲ; ਕੂੜੇ ਦੇ ਢੇਰ ਲੱਗਣ ਕਾਰਨ ਬਦਬੂ ਫੈਲੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਸਤੰਬਰ
ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਦੀ ‘ਕੰਮ ਛੱਡੋ’ ਹੜਤਾਲ ਪੰਜਵੇਂ ਦਿਨ ’ਚ ਦਾਖਲ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਪੰਜ ਦਿਨਾਂ ਤੋਂ ਸ਼ਹਿਰ ਵਿੱਚ ਸਫ਼ਾਈ ਦੇ ਸਮੁੱਚੇ ਪ੍ਰਬੰਧ ਮੁਕੰਮਲ ਤੌਰ ’ਤੇ ਠੱਪ ਪਏ ਹਨ ਜਿਸ ਕਾਰਨ ਸ਼ਹਿਰ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗ ਚੁੱਕੇ ਹਨ ਅਤੇ ਕੂੜਾ ਸੜਕਾਂ ਉੱਪਰ ਖਿੱਲਰ ਰਿਹਾ ਹੈ। ਉਧਰ ਹੜਤਾਲੀ ਸਫ਼ਾਈ ਸੇਵਕ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨੇ ਉਪਰ ਡਟੇ ਹੋਏ ਹਨ। ਅੱਜ ਵੀ ਧਰਨੇ ਦੌਰਾਨ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ 11 ਸਤੰਬਰ ਦਿਨ ਸੋਮਵਾਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ।
ਸਫ਼ਾਈ ਸੇਵਕਾਂ ਦੀ ਹੜਤਾਲ ਹੋਣ ਕਾਰਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਠੱਪ ਹਨ ਜਿਸ ਕਾਰਨ ਸ਼ਹਿਰ ਵਿਚ ਅਨੇਕਾਂ ਥਾਵਾਂ ’ਤੇ ਕੂੜੇ ਦੇ ਢੇਰ ਪੰਜ ਦਿਨਾਂ ਤੋਂ ਲਗਾਤਾਰ ਵਧ ਰਹੇ ਹਨ। ਹਾਲਾਤ ਇਹ ਹਨ ਕਿ ਕੂੜਾ ਸ਼ਹਿਰ ਵਿਚ ਸੜਕਾਂ ਉਪਰ ਖਿੱਲਰ ਰਿਹਾ ਹੈ। ਕੂੜੇ ਦੀ ਬੁਦਬੂ ਦੂਰ-ਦੂਰ ਤੱਕ ਫੈਲ ਰਹੀ ਹੈ ਅਤੇ ਕੂੜੇ ਦੇ ਢੇਰਾਂ ਕੋਲੋਂ ਲੰਘਣ ਲਈ ਮਜ਼ਬੂਰ ਲੋਕਾਂ ਨੂੰ ਬੇਹੱਦ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੂੜੇ ਦੀ ਬੁਦਬੂ ਦੂਰ-ਦੂਰ ਤੱਕ ਫੈਲ ਰਹੀ ਹੈ ਅਤੇ ਕੂੜੇ ਦੇ ਢੇਰਾਂ ਕੋਲੋਂ ਲੰਘਣ ਲਈ ਮਜਬੂਰ ਲੋਕਾਂ ਨੂੰ ਬੇਹੱਦ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਭਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ 28 ਅਗਸਤ ਤੋਂ ਡੀ.ਸੀ. ਦਫ਼ਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਪਰ ਸਰਕਾਰ ਤੇ ਪ੍ਰਸ਼ਾਸਨ ਨੇ ਸਫ਼ਾਈ ਸੇਵਕਾਂ ਦੀ ਸਾਰ ਤੱਕ ਨਹੀਂ ਲਈ ਗਈ। ਸਫ਼ਾਈ ਸੇਵਕਾਂ ਨੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਕਿ 5 ਸਤੰਬਰ ਤੋਂ ਕੰਮ ਛੱਡੋ ਹੜਤਾਲ ਸ਼ੁਰੂ ਕੀਤੀ ਜਾਵੇਗੀ ਪਰ ਫ਼ਿਰ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਪੰਜ ਦਿਨਾਂ ਤੋਂ ਸਫ਼ਾਈ ਪ੍ਰਬੰਧ ਠੱਪ ਪਏ ਹਨ ਅਤੇ ਕੂੜੇ ਦੇ ਲੱਗ ਰਹੇ ਢੇਰਾਂ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ ਜਿਸ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸ਼ਨ ਜਿੰਮੇਵਾਰ ਹੈ। ਧਰਨੇ ਨੂੰ ਯੂਨੀਅਨ ਆਗੂ ਅਜੇ ਕੁਮਾਰ, ਰਮੇਸ਼ ਕੁਮਾਰ, ਊਸ਼ਾ ਦੇਵੀ, ਰਾਜੇਸ ਕੁਮਾਰ, ਓਮੀ ਦੇਵੀ, ਰਮੇਸ਼ ਬਾਂਦੜ, ਸੰਜੇ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਹੜਤਾਲ ਕਰਕੇ ਸ਼ਹਿਰ ਵਿੱਚ ਗੰਦਗੀ ਦੀ ਭਰਮਾਰ ਹੋ ਗਈ ਹੈ। ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸੱਦੇ ’ਤੇ ਪ੍ਰਧਾਨ ਭਾਰਤ ਬੇਦੀ ਦੀ ਅਗਵਾਈ ਹੇਠ ਨਗਰ ਕੌਂਸਲ ਲਹਿਰਾਗਾਗਾ ਦੇ ਸਫਾਈ ਸੇਵਕਾਂ ਦੀ ਕੰਮ ਛੱਡ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੰਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ।