ਸਫਾਈ ਲਈ 11 ਵਾਹਨ ਨਗਰ ਕੌਂਸਲ ਨੂੰ ਸੌਂਪੇ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ
ਸਥਾਨਕ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਵਿੱਚ ਹੋਰ ਸੁਧਾਰ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ 3 ਟਾਟਾ ਐੱਸ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੌਂਪੇ ਗਏ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ ਸਾਫ ਸਫਾਈ ਨਾਲ ਸਬੰਧਤ ਸਾਮਾਨ ਅਤੇ ਆਧੁਨਿਕ ਵਾਹਨ ਨਗਰ ਕੌਂਸਲ ਨੂੰ ਬੁਨਿਆਦੀ ਢਾਂਚੇ ਵਜੋਂ ਉਪਲਬਧ ਕਰਵਾਏ ਜਾ ਚੁੱਕੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਨਾਗਰਿਕ ਆਪਣੇ ਆਲੇ ਦੁਆਲੇ ਦੀ ਸਾਫ-ਸਫ਼ਾਈ ਨੂੰ ਯਕੀਨੀ ਬਣਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ।
ਕੈਬਨਿਟ ਮੰਤਰੀ ਨੇ ਇਨ੍ਹਾਂ ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਲਈ ਲਗਾਏ ਗਏ ਇਹ ਵਾਹਨ ਆਪਣੇ ਮਕਸਦ ਵਿੱਚ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਲੋਕ ਆਪਣੇ ਘਰਾਂ ਵਿੱਚੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ।