ਸਮਾਣਾ ਹਾਦਸਾ: ਭਾਜਪਾ ਦੇ ਮਹਿਲਾ ਮੋਰਚਾ ਨੇ ਨਿਆਂਇਕ ਜਾਂਚ ਮੰਗੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜੈ ਇੰਦਰ ਕੌਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਜੈ ਇੰਦਰ ਕੌਰ ਨੇ ਮੰਗ ਕੀਤੀ ਕਿ 7 ਮਈ ਨੂੰ ਸਮਾਣਾ ਰੋਡ ’ਤੇ ਵਾਪਰੇ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸੱਤ ਸਕੂਲੀ ਬੱਚਿਆਂ ਤੇ ਵੈਨ ਚਾਲਕ ਦੀ ਮੌਤ ਦੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੱਚੇ ਸਕੂਲ ਤੋਂ ਘਰ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਦੀ ਵੈਨ ਨੂੰ ਓਵਰਲੋਡ ਟਿੱਪਰ ਨੇ ਟੱਕਰ ਮਾਰ ਦਿੱਤੀ। ਟਿੱਪਰ ਨੂੰ 19 ਸਾਲ ਦਾ ਨੌਜਵਾਨ ਚਲਾ ਰਿਹਾ ਸੀ ਅਤੇ ਉਸ ਕੋਲ ਸਿਰਫ਼ ਸਿਖਲਾਈ ਵਾਲਾ ਲਾਇਸੈਂਸ ਸੀ। ਜੈ ਇੰਦਰ ਕੌਰ ਨੇ ਪਟਿਆਲਾ ਪ੍ਰਸ਼ਾਸਨ ਅਤੇ ਸਥਾਨਕ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਦੁਖੀ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਵਿੱਚ ਵੀ ਅਸਫ਼ਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਓਵਰਲੋਡ ਟਿੱਪਰ ਤੇ ਟਰੱਕ ਬਗੈਰ ਕਿਸੇ ਪਾਬੰਦੀ ਤੋਂ ਚੱਲ ਰਹੇ ਹਨ। ਇਹ ਨਾ ਸਿਰਫ਼ ਕਾਨੂੰਨ ਲਾਗੂ ਕਰਨ ਵਾਲਿਆਂ ਦੀ ਸਗੋਂ ਪ੍ਰਸ਼ਾਸਨ ਦੀ ਵੀ ਅਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸਮਾਂਬੱਧ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ। ਭਾਜਪਾ ਮਹਿਲਾ ਮੋਰਚਾ ਨੇ ਪਰਿਵਾਰਾਂ ਲਈ ਮੁਆਵਜ਼ਾ ਅਤੇ ਭਵਿੱਖ ਵਿੱਚ ਸਕੂਲੀ ਬੱਚਿਆਂ ਨੂੰ ਅਜਿਹੇ ਹਾਦਸਿਆਂ ਤੋਂ ਬਚਾਉਣ ਲਈ ਸੁਧਾਰਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਸ਼ਾਂਤ ਨਹੀਂ ਬੈਠੇਗੀ।