ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ: ਈਟੀਓ
ਜੰਡਿਆਲਾ ਗੁਰੂ, 13 ਮਾਰਚ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ (ਲੜਕੇ) ਵਿੱਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਪੁੱਜੇ ਜਿਨ੍ਹਾਂ ਦਾ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸੇ ਹੀ ਸਕੂਲ ਵਿੱਚ ਉਹ ਪੜ੍ਹੇ, ਫਿਰ ਇੱਥੇ ਹੀ ਉਨ੍ਹਾਂ ਪੜ੍ਹਾਇਆ ਅਤੇ ਅੱਜ ਉਹ ਇਸੇ ਸਕੂਲ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਸਮੁੱਚੇ ਪੰਜਾਬ ਅੰਦਰ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਨਾਲੋਂ ਕਾਫ਼ੀ ਬਿਹਤਰ ਹੋ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਦੀ ਪਤਨੀ ਸੁਹਿੰਦਰ ਕੌਰ, ਸਤਿੰਦਰ ਸਿੰਘ, ਸਟਾਫ਼ ਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।