ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਈਟੀਓ
ਪੱਤਰ ਪ੍ਰੇਰਕ
ਜਲੰਧਰ, 14 ਜਨਵਰੀ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਸੰਘੇ ਖਾਲਸਾ ਵਿੱਚ ਸਾਲਾਨਾ ਬਾਬਾ ਸ਼ਹੀਦਾਂ ਖੇਡ ਅਤੇ ਸੱਭਿਆਚਾਰਕ ਮੇਲੇ ਦੇ ਤੀਜੇ ਤੇ ਆਖਰੀ ਦਿਨ ਸ਼ਿਰਕਤ ਕੀਤੀ। ਇਸ ਮੌਕੇ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਰਾਜ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ, ਉੱਥੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਲੱਗਦੇ ਇਹ ਖੇਡ ਤੇ ਸੱਭਿਆਚਾਰਕ ਮੇਲੇ ਸੂਬੇ ਦੀ ਅਮੀਰ ਵਿਰਾਸਤ ਦਾ ਹਿੱਸਾ ਹਨ ਅਤੇ ਰਾਜ ਸਰਕਾਰ ਸੂਬੇ ਦੀ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਰੀਏ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਣ ਲਈ ਸੁਖਾਵਾਂ ਮਾਹੌਲ ਦਿੱਤਾ।
ਬਿਜਲੀ ਮੰਤਰੀ ਨੇ ਵਿਧਾਇਕ ਇੰਦਰਜੀਤ ਕੌਰ ਵੱਲੋਂ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸਰਬਜੀਤ ਸਿੰਘ ਰੰਧਾਵਾ, ਸਤਿੰਦਰ ਸਿੰਘ ਸੰਘਾ, ਸੁਰਜੀਤ ਸਿੰਘ ਰੰਧਾਵਾ, ਪਿਆਰਾ ਸਿੰਘ ਸੰਘਾ, ਪਿੰਡ ਦੀ ਪੰਚਾਇਤ ਅਤੇ ਓਵਰਸੀਜ਼ ਕਮੇਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ।