ਸਰਕਾਰ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਮਤਰਿਆ ਸਲੂਕ ਕਰ ਰਹੀ ਹੈ: ਔਜਲਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਈ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇਥੇ ਕਿਹਾ ਹੈ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਇਨ੍ਹਾਂ ਦੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ’ਤੇ ਇਹ ਮਸਲੇ ਹੱਲ ਕਰਕੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਹ ਅੱਜ ਇੱਥੇ ਲੁਧਿਆਣਾ ਸਟੀਲ ਟਰੇਨਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।
ਔਜਲਾ ਨੇ ਕਿਹਾ ਕਿ ਦੁਕਾਨਦਾਰ ਅਤੇ ਵਪਾਰੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਸਰਕਾਰ ਨੂੰ ਇਨ੍ਹਾਂ ਤੋਂ ਟੈਕਸਾਂ ਦੇ ਰੂਪ ਵਿੱਚ ਕਰੋੜਾਂ ਰੁਪਏ ਦੀ ਆਮਦਨ ਹੁੰਦੀ ਹੈ ਪਰ ਸਰਕਾਰ ਵੱਲੋਂ ਇਸ ਵਰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ’ਤੇ ਇਨ੍ਹਾਂ ਦੇ ਮਸਲੇ ਹੀ ਹੱਲ ਨਹੀਂ ਕੀਤੇ ਜਾਣਗੇ ਬਲਕਿ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਰਵਿੰਦਰ ਪਾਲ ਸਿੰਘ ਮਿੰਟੂ ਦੀ ਅਗਵਾਈ ਹੇਠ ਔਜਲਾ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਪਾਰੀਆਂ ਦੇ ਮਸਲਿਆਂ ਬਾਰੇ ਜਾਣੂ ਕਰਾਇਆ। ਇਸ ਮੌਕੇ ਨਿਰਮਲ ਸਿੰਘ ਬਿੱਲਾ, ਪਾਲ ਖੁਰਾਣਾ, ਰਮਿੰਦਰ ਮੋਹਨ ਸਿੰਘ ਅਤੇ ਐਸ ਛਾਬੜਾ ਵੀ ਹਾਜ਼ਰ ਸਨ।