ਸਰਕਾਰ ਨੇ ਨਸ਼ੇ ਦੀ ਸਪਲਾਈ ਚੇਨ ਤੋੜੀ: ਵਿਧਾਇਕ
ਮਾਲੇਰਕੋਟਲਾ, 22 ਮਈ
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰ ਕੇ ਕਾਫ਼ੀ ਹੱਦ ਤੱਕ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਹੁਣ ਇਹ ਮੁਹਿੰਮ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ। ਵਿਧਾਇਕ ਗੱਜਣਮਾਜਰਾ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਲਸੋਈ ਵਿੱਚ ਸੰਬੋਧਨ ਕਰ ਰਹੇ ਸਨ। ਇਸ ਮਗਰੋਂ ਇਹ ਪ੍ਰੋਗਰਾਮ ਪਿੰਡ ਭੁਰਥਲਾ ਮੰਡੇਰ ਅਤੇ ਮੰਨਵੀ ਵਿੱਚ ਕਰਵਾਇਆ ਗਿਆ। ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫ਼ਾਇਆ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖ਼ਾਤਮੇ ਦਾ ਸਮਾਜਿਕ ਸੰਕਲਪ ਹੈ। ਗੱਜਣਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸਨ ਤੇ ਪੁਲੀਸ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਸਰਪੰਚ ਸਵਰਨ ਕੌਰ, ਬੀਡੀਪੀਓ ਬਬਲਜੀਤ ਕੌਰ, ਸਰਪੰਚ ਕਮਲਜੀਤ ਸਿੰਘ, ਸਰਪੰਚ ਪਰਮਿੰਦਰ ਸਿੰਘ, ਸਰਪੰਚ ਗੁਰਦੀਪ ਸਿੰਘ, ਹਰਭਜਨ ਸਿੰਘ ਤੇ ਨੰਬਰਦਾਰ ਜਸਪਾਲ ਸਿੰਘ ਆਦਿ ਹਾਜ਼ਰ ਸਨ।