ਸਰਕਾਰ ਨੇ ‘ਬਦਲਦਾ ਪੰਜਾਬ ਬਜਟ’ ਤਹਿਤ ਐਲਾਨੇ ਕੰਮ ਸ਼ੁਰੂ ਕੀਤੇ: ਚੀਮਾ
ਆਤਿਸ਼ ਗੁਪਤਾ
ਚੰਡੀਗੜ੍ਹ, 5 ਅਪਰੈਲ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤ ਵਰ੍ਹੇ 2025-26 ਲਈ ਐਲਾਨੇ ‘ਬਦਲਦਾ ਪੰਜਾਬ ਬਜਟ’ ਤਹਿਤ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ। ਸਰਕਾਰ ਨੇ ਸੂਬੇ ਦੇ ਪੇਂਡੂ ਖੇਤਰ ਦੀਆਂ ਸੜਕਾਂ ਦੀ ਹਾਲਤ ਵਿੱਚ ਸੁਧਾਰ ਲਈ ਯਤਨ ਆਰੰਭ ਦਿੱਤੇ ਹਨ। ਅੱਜ ਸਰਕਾਰ ਨੇ ਫ਼ਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਖੇਤਰ ਦੀਆਂ ਇੱਕ ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ ਦੀ ਦੇਖ-ਰੇਖ ਲਈ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਪਹਿਲਾਂ ਠੇਕੇਦਾਰ ਸੜਕਾਂ ਲਈ ਸਿਰਫ਼ ਇਕ ਸਾਲ ਵਾਸਤੇ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਤਕ ਸੜਕਾਂ ਦੇ ਰੱਖ-ਰਖਾਅ ਅਤੇ ਸੰਭਾਲ ਦੀ ਜ਼ਿੰਮੇਵਾਰੀ ਉਸ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗੁਣਵੱਤਾ ਦੀ ਜਾਂਚ ਤੀਜੀ ਧਿਰ ਵੱਲੋਂ ਕੀਤੀ ਜਾਵੇਗੀ ਤੇ ਗੜਬੜ ਮਿਲਣ ’ਤੇ ਫੰਡਾਂ ਦੀ ਰਿਕਵਰੀ ਦੇ ਨਾਲ-ਨਾਲ ਸਬੰਧਤ ਠੇਕੇਦਾਰ ਨੂੰ ਕਾਲੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ।
ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ ਸੂਬੇ ਦੀਆਂ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਮੁੜ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਲਈ ਸਰਕਾਰ ਵੱਲੋਂ ਸਾਲ ਭਰ ਵਿੱਚ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ। ਇਸ ਲਈ ਸਰਕਾਰ ਵੱਲੋਂ 2873 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਤਤਕਾਲੀ ਸਰਕਾਰਾਂ ’ਤੇ ਕੀਤੇ ਸਿਆਸੀ ਹਮਲੇ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿਕਾਸ ਕਾਰਜਾਂ ਸਬੰਧੀ ਪਿਛਲੀਆਂ ਸਰਕਾਰਾਂ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਅਜਿਹੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਬਜਟ ਦੀ ਮਨਜ਼ੂਰੀ ਤੋਂ ਤੁਰੰਤ ਬਾਅਦ ਤੇਜ਼ੀ ਨਾਲ ਟੈਂਡਰ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਸੜਕਾਂ ਨੂੰ ਵੀ ਠੀਕ ਕੀਤਾ ਜਾਵੇਗਾ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਨਵੀਂ ਊਰਜਾ ਮਿਲੇਗੀ।