ਸਰਕਾਰ ਵਿਰੁੱਧ ਸੜਕਾਂ ’ਤੇ ਆਏ ਭਾਜਪਾਈ
ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਅਪਰੈਲ
ਜਲੰਧਰ ਵਿੱਚ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਅੱਜ ਇਥੇ ‘ਆਪ’ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਜੈਇੰਦਰ ਕੌਰ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨਾਕਾਮੀਆਂ ਕਾਰਨ ਪੰਜਾਬ ਅੰਦਰ ਮੁੜ ਕਾਲਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ। ਕਦੇ ਧਾਰਮਿਕ ਸਥਾਨਾਂ ’ਤੇ ਹਮਲੇ ਹੋ ਰਹੇ ਹਨ ਤੇ ਕਦੇ ਪੁਲੀਸ ਚੌਕੀਆਂ ’ਤੇ ਗ੍ਰਨੇਡ ਸੁੱਟੇ ਜਾ ਰਹੇ ਹਨ। ਪਿਛਲੀ ਦਿਨੀਂ ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਹੀ ਕੀਤੀ ਗਈ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਇਨ੍ਹਾਂ ਹਾਲਾਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਕੇਕੇ ਸ਼ਰਮਾ, ਭਾਜਪਾ ਦੇ ਸ਼ਹਿਰੀ ਪ੍ਰਧਾਨ ਵਿਜੈ ਕੂਕਾ, ਕੌਂਸਲਰ ਵੰਦਨਾ ਜੋਸ਼ੀ, ਅਨੁਜ ਖੋਸਲਾ, ਯੂਥ ਦੇ ਜ਼ਿਲ੍ਹਾ ਪ੍ਰਧਾਨ ਨਿਖਿਲ ਕੁਮਾਰ, ਹਰਦੇਵ ਬੱਲੀ, ਅਤੁਲ ਜੋਸ਼ੀ, ਨਿਖਿਲ ਬਾਤਿਸ਼, ਸੰਦੀਪ ਮਲਹੋਤਰਾ, ਸਚਿਨ ਸ਼ਰਮਾ ਅਤੇ ਅਨਿਲ ਮੰਗਲਾ ਆਦਿ ਮੌਜੂਦ ਸਨ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਭਾਜਪਾ ਆਗੂ ਮੰਨੋਰੰਜਨ ਕਾਲੀਆ ਦੇ ਘਰ ਉਪਰ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿਚ ਭਾਜਪਾ ਵਰਕਰਾਂ ਵਲੋਂ ਸ਼ਹਿਰ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਵਰਕਰਾਂ ਵਲੋਂ ਸ਼ਹਿਰ ਦੇ ਵੱਡੇ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੇ ਲਗਾਤਾਰ ਬਿਗੜ ਰਹੇ ਮਾਹੌਲ ਲਈ ਪੰਜਾਬ ਦੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਨੇ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਪੂਰੀ ਤਰਾਂ ਨਾਲ ਭੋਗ ਪਾ ਦਿੱਤਾ ਹੈ। ਆਮ ਲੋਕ ਘਰਾਂ ’ਚ ਵੀ ਸੁਰੱਖਿਅਤ ਨਹੀਂ ਹਨ, ਪੁਲੀਸ ਚੌਕੀਆਂ ’ਤੇ ਗ੍ਰਨੇਡ ਹਮਲੇ ਹੋ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮੰਨੋਰੰਜਨ ਕਾਲੀਆ ਦੇ ਘਰ ਉਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਦੀ ਬਿਗੜ ਰਹੀ ਕਾਨੂੰਨ ਵਿਵਸਥਾ ਵੱਲ ਧਿਆਨ ਦੇ ਕੇ ਸੁਰੱਖਿਅਤ ਮਾਹੌਲ ਪੈਦਾ ਕੀਤਾ ਜਾਵੇ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਭਾਜਪਾ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿੱਚ ਭਾਜਪਾ ਵਰਕਰਾਂ ਵੱਲੋਂ ਇੱਥੋਂ ਦੇ ਟਾਹਲੀ ਵਾਲਾ ਚੌਕ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਜਪਾ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਪਹਿਲਾਂ ਦਿਨ ਦਿਹਾੜੇ ਲੁੱਟਾਂ ਖੋਹਾਂ ਹੁੰਦੀਆਂ ਸਨ, ਹੁਣ ਦਿਨ ਦਿਹਾੜੇ ਗ੍ਰਨੇਡ ਹਮਲੇ ਹੋਣ ਲੱਗ ਪਏ ਹਨ। ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਡਾ. ਨੰਦ ਲਾਲ, ਜ਼ਿਲ੍ਹਾ ਐੱਸਸੀ ਮੋਰਚਾ ਪ੍ਰਧਾਨ ਅਮਰਜੀਤ ਸਿੰਘ ਉਕਸੀ, ਭਾਜਪਾ ਮੰਡਲ ਪ੍ਰਧਾਨ ਐਡਵੋਕੇਟ ਸ਼ੇਖਰ ਚੌਧਰੀ, ਯਸ਼ ਟੰਡਨ, ਮਿੱਠੂ ਗਾਬਾ, ਓਮ ਪ੍ਰਕਾਸ਼ ਸਮੇਤ ਭਾਜਪਾ ਦੇ ਹੋਰ ਅਹੁਦੇਦਾਰਾਂ ਅਤੇ ਵਰਕਰਾਂ ਹਾਜ਼ਰ ਸਨ।