ਸਰਹੱਦੀ ਖੇਤਰਾਂ ’ਚੋਂ ਪਾਵਨ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਮਈ
ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦੇ ਗੁਰਦੁਆਰਿਆਂ ’ਚੋਂ ਲਗਪਗ 100 ਤੋਂ ਵੱਧ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ ਜਾ ਚੁੱਕੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਅਟਾਰੀ ਨੇੜਲੇ ਵੱਖ-ਵੱਖ ਪਿੰਡਾਂ ’ਚੋਂ ਲਗਪਗ 60 ਤੋਂ ਵੱਧ ਪਾਵਨ ਸਰੂਪ ਗੁਰਦੁਆਰਾ ਸਤਲਾਣੀ ਸਾਹਿਬ ਵਿੱਚ ਸੁਰੱਖਿਅਤ ਰੱਖੇ ਗਏ ਹਨ ਤਾਂ ਜੋ ਉਨ੍ਹਾਂ ਦੀ ਸੇਵਾ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਪਗ 100 ਤੋਂ ਵੱਧ ਪਾਵਨ ਸਰੂਪ ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ਵਿੱਚੋਂ ਸੁਰੱਖਿਅਤ ਥਾਵਾਂ ’ਤੇ ਲਿਆਂਦੇ ਜਾ ਚੁੱਕੇ ਹਨ ਅਤੇ ਇਨ੍ਹਾਂ ਨੂੰ ਛੇਤੀ ਹੀ ਅੰਮ੍ਰਿਤਸਰ ’ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ’ਚੋਂ ਪਾਵਨ ਸਰੂਪ ਸੁਰੱਖਿਅਤ ਥਾਵਾਂ ’ਤੇ ਲਿਜਾਣ ਲਈ ਆਖਿਆ ਗਿਆ ਸੀ। ਭਾਵੇਂ ਜੰਗਬੰਦੀ ਦਾ ਫ਼ੈਸਲਾ ਹੋ ਚੁੱਕਾ ਹੈ ਪਰ ਚੌਕਸੀ ਵਜੋਂ ਅਜੇ ਵੀ ਲੋਕ ਸੁਚੇਤ ਹਨ। ਅਜਿਹੀ ਸਥਿਤੀ ਵਿੱਚ ਗੁਰਦੁਆਰਿਆਂ ਵਿੱਚ ਪਾਵਨ ਸਰੂਪਾਂ ਦੀ ਸਾਂਭ ਸੰਭਾਲ ਕਰਨਾ ਅਤੇ ਧਿਆਨ ਰੱਖਣਾ ਇੱਕ ਵੱਡਾ ਕਾਰਜ ਹੈ। ਇਸੇ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਆਂਦਾ ਜਾ ਰਿਹਾ ਹੈ। ਇਸੇ ਸੰਦਰਭ ਵਿੱਚ ਹੀ ਸ਼੍ਰੋਮਣੀ ਕਮੇਟੀ ਵੱਲੋਂ ਜੰਮੂ ਕਸ਼ਮੀਰ ਅਤੇ ਪੁਣਛ ਅਤੇ ਰਾਜੌਰੀ ਖੇਤਰ ਵਿੱਚ ਵੀ ਇੱਕ ਵਿਸ਼ੇਸ਼ ਬੱਸ ਭੇਜੀ ਗਈ ਹੈ ਤਾਂ ਜੋ ਉਥੋਂ ਦੇ ਗੁਰਦੁਆਰਿਆਂ ਵਿੱਚੋਂ ਵੀ ਪਾਵਨ ਸਰੂਪ ਪਠਾਨਕੋਟ ਨੇੜਲੇ ਗੁਰਦੁਆਰਾ ਬਾਰਠ ਸਾਹਿਬ ਵਿੱਚ ਲਿਆ ਕੇ ਸੁਰੱਖਿਅਤ ਰੱਖੇ ਜਾ ਸਕਣ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਕੀਤੀ ਜਾ ਸਕੇ। ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪਾਕਿਸਤਾਨੀ ਫੌਜਾਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਪੁਣਛ ਦੇ ਗੁਰਦੁਆਰੇ ਨੂੰ ਨੁਕਸਾਨ ਪੁੱਜਾ ਸੀ ਅਤੇ ਕੁਝ ਲੋਕ ਵੀ ਮਾਰੇ ਗਏ ਸਨ। ਇਸ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿੱਚ ਹਮਲਿਆਂ ਵਾਲੀਆਂ ਥਾਵਾਂ ’ਤੇ ਸਥਾਪਤ ਗੁਰਦੁਆਰਿਆਂ ’ਚੋਂ ਪਾਵਨ ਸਰੂਪ ਸੁਰੱਖਿਅਤ ਵਾਪਸ ਲਿਆਉਣ ਲਈ ਇਹ ਕਾਰਵਾਈ ਕੀਤੀ ਗਈ ਹੈ।