ਸਰਹੱਦੀ ਖੇਤਰ ’ਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ
ਐੱਨਪੀ ਧਵਨ
ਪਠਾਨਕੋਟ, 12 ਜਨਵਰੀ
ਜ਼ਿਲ੍ਹਾ ਪੁਲੀਸ ਵੱਲੋਂ ਬੀਐੱਸਐੱਫ ਦੇ ਸਹਿਯੋਗ ਨਾਲ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਵਿੱਚ ਵੱਖ-ਵੱਖ ਥਾਵਾਂ ’ਤੇ ਅੱਜ ਦੂਸਰੇ ਦਿਨ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਟੀਮਾਂ ਨੇ ਸਰਹੱਦੀ ਖੇਤਰ ਵਿੱਚ ਗੁੱਜਰਾਂ ਦੇ ਘਰਾਂ ਅਤੇ ਹੋਰ ਖੰਡਰ ਇਮਾਰਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਲੋਕਾਂ ਦੇ ਪਛਾਣ ਪੱਤਰਾਂ ਦੀ ਜਾਂਚ ਕੀਤੀ ਗਈ। ਸਰਚ ਆਪਰੇਸ਼ਨ ਦੌਰਾਨ ਬੀਐੱਸਐੱਫ ਵੱਲੋਂ ਡਰੋਨ ਦੀ ਸਹਾਇਤਾ ਨਾਲ ਵੀ ਖੇਤਰ ਅਤੇ ਗੰਨੇ ਦੇ ਖੇਤ ਚੈੱਕ ਕੀਤੇ ਗਏ। ਹਾਲਾਂਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਸਾਹਮਣੇ ਨਹੀਂ ਆਈ ਹੈ। ਤਲਾਸ਼ੀ ਮੁਹਿੰਮ ਦੀ ਅਗਵਾਈ ਡੀਐੱਸਪੀ (ਦਿਹਾਤੀ) ਸੁਖਜਿੰਦਰ ਸਿੰਘ ਨੇ ਕੀਤੀ। ਇਸ ਸਮੇਂ ਪੁਲੀਸ ਥਾਣਾ ਨਰੋਟ ਜੈਮਲ ਸਿੰਘ ਦੇ ਮੁਖੀ ਅੰਗਰੇਜ ਸਿੰਘ, ਪੁਲੀਸ ਥਾਣਾ ਤਾਰਾਗੜ੍ਹ ਦੇ ਮੁਖੀ ਮਨਜੀਤ ਸਿੰਘ ਤੇ ਪੁਲੀਸ ਚੌਂਕੀ ਮੁਖੀ ਵਿਜੇ ਕੁਮਾਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਰੱਖਿਆ ਏਜੰਸੀਆਂ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। 2 ਦਿਨ ਪਹਿਲਾਂ ਪੁਲੀਸ ਕੰਟਰੋਲ ਰੂਮ ’ਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਕਾਲ ਆਉਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਇਸ ਦੇ ਬਾਅਦ ਪੁਲੀਸ ਵੱਲੋਂ ਉਕਤ ਸਕੂਲ ਵਿੱਚ ਵੀ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਪੁਲੀਸ ਵੱਲੋਂ ਜਾਂਚ ਪੜਤਾਲ ਦੇ ਨਾਲ-ਨਾਲ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਧਰੇ ਕੋਈ ਸ਼ੱਕੀ ਗਤੀਵਿਧੀ ਦਿਖਾਈ ਦਿੰਦੀ ਹੈ ਤਾਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ। ਡੀਐੱਸਪੀ ਦਿਹਾਤੀ ਸੁਖਜਿੰਦਰ ਸਿੰਘ ਥਾਪਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਦੇ ਨਿਰਦੇਸ਼ਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੁਲੀਸ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਅਭਿਆਨ ਚਲਾਏ ਜਾਂਦੇ ਹਨ।