ਸਲਾਹਕਾਰ ਕੌਂਸਲ ’ਚ ਪਿੰਡਾਂ ਨੂੰ ਅਣਗੌਲਿਆ ਕਰਨ ਤੋਂ ਲੋਕ ਨਾਰਾਜ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜਨਵਰੀ
ਯੂਟੀ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਲੰਘੇ ਦਿਨ 54 ਮੈਂਬਰੀ ਸਲਾਹਕਾਰ ਕੌਂਸਲ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਯੂਟੀ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਦੇ ਦਸਤਖਤ ਹੇਠ ਕੀਤਾ ਹੈ। ਪਰ ਯੂਟੀ ਪ੍ਰਸ਼ਾਸਨ ਦੀ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਦੇ ਨੁਮਾਇੰਦਿਆਂ ਨੂੰ ਅਣਗੋਲਿਆਂ ਕਰਨ ’ਤੇ ਸਾਰੇ ਹੀ ਪਿੰਡਾਂ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਵੀ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਦੇ ਨਾਮ ਪੱਤਰ ਲਿੱਖ ਕੇ ਯੂਟੀ ਪ੍ਰਸ਼ਾਸਨ ਦੀ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ੍ਰੀ ਸੰਧੂ ਨੇ ਕਿਹਾ ਕਿ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਦੇ ਨੁਮਾਂਇੰਦਿਆਂ ਦੇ ਹੋਣ ਨਾਲ ਹੀ ਪਿੰਡਾਂ ਦੇ ਮੁੱਦਿਆਂ ਨੂੰ ਪ੍ਰਸ਼ਾਸਨਿਕ ਪੱਧਰ ’ਤੇ ਚੁੱਕਿਆ ਜਾ ਸਕਦਾ ਹੈ। ਇਸ ਕਰਕੇ ਯੂਟੀ ਪ੍ਰਸ਼ਾਸਨ ਪਿੰਡਾਂ ਦੇ ਸਾਬਕਾ ਸਰਪੰਚ, ਪੰਚ ਅਤੇ ਹੋਰਨਾਂ ਮਹੁਤਬਰ ਬੰਦਿਆਂ ਨੂੰ ਸਲਾਹਕਾਰ ਕੌਂਸਲ ਵਿੱਚ ਜਰੂਰ ਸ਼ਾਮਲ ਕਰੇ।
ਨੰਬਰਦਾਰਾਂ ਨੂੂੰ ਸਲਾਹਕਾਰ ਕੌਂਸਲ ਵਿੱਚ ਸ਼ਾਮਲ ਕੀਤਾ ਜਾਵੇ: ਬਡਹੇੜੀ
ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਯੂਟੀ ਦੀ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਨੂੰ ਅਣਗੋਲਿਆਂ ਕਰਨ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਪੰਚਾਇਤਾਂ ਭੰਗ ਹੋਣ ਕਰਕੇ ਕੋਈ ਸਰਪੰਚ ਨਹੀਂ ਰਿਹਾ ਹੈ, ਪਰ ਪਿੰਡਾਂ ਵਿੱਚ ਨੰਬਰਦਾਰ ਹਾਲੇ ਵੀ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਚੰਡੀਗੜ੍ਹ ਦੀ ਸਲਾਹਕਾਰ ਕੌਂਸਲ ਵਿੱਚ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ।
ਸਲਾਹਕਾਰ ਕੌਂਸਲ ਵਿੱਚ ਪਿੰਡਾਂ ਨੂੰ ਨੁਮਾਇੰਦਗੀ ਦਿੱਤੀ ਜਾਵੇ: ਰਾਮਵੀਰ ਭੱਟੀ
ਚੰਡੀਗੜ੍ਹ ਭਾਜਪਾ ਦੇ ਸੀਨੀਅਰ ਆਗੂ ਰਾਮਵੀਰ ਸਿੰਘ ਭੱਟੀ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਨੇ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਦੇ ਕਿਸੇ ਵੀ ਆਗੂ ਨੂੰ ਸ਼ਾਮਲ ਨਾ ਕਰਕੇ ਪਿੰਡਾਂ ਨੂੰ ਨਜ਼ਰ ਅੰਦਾਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਬਕਾ ਸਰਪੰਚ, ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ, ਸਾਬਕਾ ਚੇਅਰਮੈਨ ਬਲਾਕ ਸੰਮਤੀ, ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਅਤੇ ਨੰਬਰਦਾਰ ਹਨ। ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਕੌਂਸਲ ਦਾ ਹਿੱਸਾ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਨੂੰ ਨੁਮਾਇੰਦਗੀ ਜਰੂਰ ਦਿੱਤੀ ਜਾਵੇ।
ਪਿੰਡਾਂ ਨੂੰ ਨਜ਼ਰਅੰਦਾਜ਼ ਕਰਨਾ ਗਲਤ: ਸਿੱਧੂ
ਚੰਡੀਗੜ੍ਹ ਨਗਰ ਨਿਗਮ ਵਿੱਚ ਨਾਮਜ਼ਦ ਕੌਂਸਲ ਸਤਿੰਦਰ ਸਿੰਘ ਸਿੱਧੂ ਨੇ ਯੂਟੀ ਪ੍ਰਸ਼ਾਸਨ ਦੀ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਨੂੰ ਨਜ਼ਰਅੰਦਾਜ ਕੀਤੇ ਜਾਣ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ, ਪਰ ਪ੍ਰਸ਼ਾਸਨ ਹਰ ਸਮੇਂ ਪਿੰਡਾਂ ਦੇ ਲੋਕਾਂ ਨੂੰ ਹੀ ਭੁੱਲ ਜਾਂਦਾ ਹੈ। ਮੌਜੂਦਾ ਸਮੇਂ ਪਿੰਡਾਂ ਦੇ ਲੋਕਾਂ ਨੂੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਪਿੰਡਾਂ ਦੇ ਲੋਕ ਹੀ ਸਮਝ ਸਕਦੇ ਹਨ। ਇਸ ਲਈ ਸਲਾਹਕਾਰ ਕੌਂਸਲ ਵਿੱਚ ਪਿੰਡਾਂ ਦੇ ਮਹੁਤਬਰ ਬੰਦਿਆਂ ਨੂੰ ਨੁਮਾਇੰਦਗੀ ਦਿੱਤੀ ਜਾਵੇ ਤਾਂ ਜੋ ਪਿੰਡਾਂ ਦੀਆਂ ਸਮੱਸਿਆਵਾਂ ਨੂੂੰ ਪ੍ਰਸ਼ਾਸਕੀ ਪੱਧਰ ’ਤੇ ਚੁੱਕਿਆ ਜਾ ਸਕੇ।