ਸ਼ਰਾਬ ਕਾਰਨ ਮੌਤਾਂ: ਪੁਲੀਸ ਵੱਲੋਂ ਠੇਕਾ ਸੀਲ ਤੇ ਦੋ ਗ੍ਰਿਫ਼ਤਾਰ
ਗਗਨਦੀਪ ਅਰੋੜਾ
ਲੁਧਿਆਣਾ, 23 ਮਈ
ਇੱਥੇ ਬਸਤੀ ਜੋਧੇਵਾਲ ਥਾਣੇ ਅਧੀਨ ਆਉਂਦੇ ਇਲਾਕੇ ਸੰਨਿਆਸ ਨਗਰ ਵਿੱਚ ਸ਼ਰਾਬ ਪੀਣ ਤੋਂ ਬਾਅਦ ਤਿੰਨ ਨੌਜਵਾਨਾਂ ਦੀ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਸ਼ਰਾਬ ਦੇ ਠੇਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਦੋ ਕਰਿੰਦਿਆਂ ਕਾਂਗੜਾ ਵਾਸੀ ਓਂਕਾਰ ਸਿੰਘ ਤੇ ਸੁਸ਼ੀਲ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਸ਼ਰਾਬ ਦੀਆਂ 422 ਬੋਤਲਾਂ ਬਰਾਮਦ ਕੀਤੀਆਂ ਹਨ।
ਲੁਧਿਆਣਾ ਵਿੱਚ ਬੁੱਧਵਾਰ ਦੇਰ ਰਾਤ ਤਿੰਨ ਨੌਜਵਾਨ ਰਿੰਕੂ, ਮੰਜੂ ਤੇ ਦੇਬੀ ਨੇ ਸੰਨਿਆਸ ਨਗਰ ਇਲਾਕੇ ਵਿੱਚਲੇ ਸ਼ਰਾਬ ਦੇ ਠੇਕੇ ਤੋਂ ਲੈ ਕੇ ਸ਼ਰਾਬ ਪੀਤੀ ਸੀ। ਇਸ ਤੋਂ ਬਾਅਦ ਤਿੰਨਾਂ ਦੀ ਸ਼ਰਾਬ ਪੀਣ ਮਗਰੋਂ ਸਿਹਤ ਖ਼ਰਾਬ ਹੋ ਗਈ ਅਤੇ ਬਾਅਦ ’ਚ ਇਨ੍ਹਾਂ ਦੀ ਮੌਤ ਹੋ ਗਈ ਸੀ। ਕਈ ਵਿਭਾਗਾਂ ਨੇ ਦੇਰ ਰਾਤ ਠੇਕੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਰਮਚਾਰੀਆਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਕੇਸ ਦਰਜ ਕਰਨ ਤੋਂ ਬਾਅਦ ਉੱਥੋਂ ਸ਼ਰਾਬ ਦੀਆਂ ਬੋਤਲਾਂ ਜ਼ਬਤ ਕੀਤੀਆਂ ਗਈਆਂ। ਇਨ੍ਹਾਂ ਦੇ ਨਮੂਨੇ ਲੈਣ ਤੋਂ ਬਾਅਦ ਵਿਭਾਗੀ ਰਿਪੋਰਟ ਜਾਰੀ ਕੀਤੀ ਜਾਵੇਗੀ।
ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ। ਸ਼ਰਾਬ ਦੀ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਕੁਝ ਬੋਤਲਾਂ ਜ਼ਬਤ ਕਰ ਲਈਆਂ ਗਈਆਂ ਹਨ। ਇਨ੍ਹਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਨਾਲ-ਨਾਲ ਪੁਲੀਸ ਹੁਣ ਸ਼ਰਾਬ ਤਸਕਰਾਂ ’ਤੇ ਵੀ ਤਿੱਖੀ ਨਜ਼ਰ ਰੱਖ ਰਹੀ ਹੈ।