ਸ਼ਰਾਬ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦਾ ਸਾਰਾ ਖ਼ਰਚ ਚੁੱਕੇਗੀ ਸਰਕਾਰ
ਰਾਜਨ ਮਾਨ
ਮਜੀਠਾ, 18 ਮਈ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਿੰਡ ਭੰਗਵਾਂ ਪੁੱਜ ਕੇ ਸ਼ਰਾਬ ਹਾਦਸੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ, ਜੋ ਪਹਿਲੇ ਦਿਨ ਇਸ ਤੋਂ ਵਾਂਝੇ ਰਹਿ ਗਏ ਸਨ। ਉਨ੍ਹਾਂ ਪਿੰਡ ਦੇ ਪੀੜਤ ਚਾਰ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ।
ਇਸ ਮੌਕੇ ਸ੍ਰੀ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਇਸ ਹਾਦਸੇ ਕਾਰਨ ਕਈ ਘਰਾਂ ਦੇ ਕਮਾਊ ਜੀਅ ਜਹਾਨੋਂ ਤੁਰ ਗਏ ਹਨ। ਸੂਬਾ ਸਰਕਾਰ ਨੇ ਆਪਣਾ ਫ਼ਰਜ਼ ਸਮਝਦਿਆਂ ਇਨ੍ਹਾਂ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਮੁਆਵਜ਼ੇ ਵਜੋਂ ਦਿੱਤੀ ਹੈ। ਇਸ ਤੋਂ ਇਲਾਵਾ ਜਿਹੜੇ ਬੱਚੇ ਪੜ੍ਹਨਯੋਗ ਹਨ, ਉਨ੍ਹਾਂ ਨੂੰ ਪੜ੍ਹਾਇਆ ਵੀ ਜਾਵੇਗਾ। ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਕੋਲ ਕੱਚੇ ਘਰ ਹਨ ਜਾਂ ਰਹਿਣ ਲਈ ਛੱਤ ਨਹੀਂ ਹੈ, ਉਨ੍ਹਾਂ ਦੇ ਕੇਸ ਵੀ ਭੇਜੇ ਜਾਣ ਤਾਂ ਜੋ ਉਨ੍ਹਾਂ ਨੂੰ ਪੱਕਾ ਘਰ ਬਣਾ ਕੇ ਦਿੱਤਾ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਅਤੇ ਪਾਰਟੀ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।
‘ਮੌਤ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾ ਦੇਵੇਗੀ ਸਰਕਾਰ’
ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਲੋੜਵੰਦ ਪਰਿਵਾਰਾਂ ਦੀ ਬਾਂਹ ਫੜਨ ਤਾਂ ਜੋ ਇਹ ਆਪਣਾ ਔਖਾ ਸਮਾਂ ਕੱਟ ਸਕਣ। ਉਨ੍ਹਾਂ ਕਿਹਾ ਕਿ ਹਾਦਸੇ ਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪੁਲੀਸ ਆਪਣਾ ਕੰਮ ਕਰ ਰਹੀ ਹੈ। ਸੂਬਾ ਸਰਕਾਰ ਇਨ੍ਹਾਂ ਮੌਤ ਦੇ ਸੌਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਚਾਰਾਜੋਈ ਕਰੇਗੀ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।