ਸ਼ਹੀਦਾਂ ਦੀਆਂ ਕੁਰਬਾਨੀਆਂ ਭੁਲਾਈਆਂ ਨਹੀਂ ਜਾ ਸਕਦੀਆਂ: ਹਰਸਿਮਰਤ
ਸ਼ੰਗਾਰਾ ਸਿੰਘ ਅਕਲੀਆ
ਜੋਗਾ, 15 ਅਪਰੈਲ
ਸ਼ਹੀਦ ਅਗਨੀਵੀਰ ਲਵਪ੍ਰੀਤ ਸਿੰਘ ਅਕਲੀਆ ਦੇ ਘਰ ਅੱਜ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਲਵਪ੍ਰੀਤ ਸਿੰਘ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ, ਦੋਸਤਾਂ-ਮਿੱਤਰਾਂ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ, ਉਥੇ ਦੇਸ਼ ਦੀ ਫੌਜ ਵੀ ਉਨ੍ਹਾਂ ਦੀਆਂ ਵੱਡਮੁੱਲੀਆ ਸੇਵਾਵਾਂ ਤੋਂ ਵਾਂਝੀ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਅਗਨੀਵੀਰ ਲਵਪ੍ਰੀਤ ਸਿੰੰਘ ਨੂੰ 21 ਜਨਵਰੀ 2025 ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਅਤਿਵਾਦੀਆਂ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਦੁਸ਼ਮਣ ਨੇ ਦੇਸ਼ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਤਾਂ ਸਾਡੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਸਮੇਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਸੈਨਿਕਾਂ ਨੂੰ ਵੀ ਅਹਿਸਾਸ ਹੁੰਦਾ ਹੈ ਕਿ ਪੂਰਾ ਭਾਰਤ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਸ਼ਹੀਦ ਲਵਪ੍ਰੀਤ ਸਿੰਘ ਦੀ ਯਾਦਗਰੀ ਸ਼ੈੱਡ ਬਣਾਉਣ ਵਾਸਤੇ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 7 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰੇਮ ਕੁਮਾਰ ਅਰੌੜਾਂ, ਗੁਰਪ੍ਰੀਤ ਸਿੰਘ ਝੱਬਰ, ਗੁਰਮੇੇਲ ਸਿੰਘ ਫਫੜੇ, ਗੁਰਪ੍ਰੀਤ ਸਿੰਘ ਚਹਿਲ, ਬੂਟਾ ਸਿੰਘ ਅਕਲੀਆ, ਭਰਪੂਰ ਸਿੰਘ ਅਤਲਾ ਆਦਿ ਹਾਜਰ ਸਨ। ਦੂਜੇ ਪਾਸੇ ਸਰਪੰਚ ਜਸਵੀਰ ਸਿੰਘ ਕਾਕਾ ਨੇ ‘ਪੰਜਾਬੀ ਟ੍ਰਿਬਿਊਨ” ਨੂੰ ਦੱਸਿਆ ਕਿ ਗ੍ਰਾਮ ਪੰਚਾਇਤ ਅਕਲੀਆ ਨੂੰ ਕੋਈ ਸੱਦਾ ਪੱਤਰ ਨਾ ਮਿਲਣ ਕਰ ਕੇ ਗ੍ਰਾਮ ਪੰਚਾਇਤ ਅਕਲੀਆ ਨਹੀਂ ਪਹੁੰਚੀ।