ਸ਼ਹੀਦਾਂ ਦੇ ਪਰਿਵਾਰਾਂ ਨਾਲ ਡੱਟ ਕੇ ਖੜ੍ਹੀ ਹੈ ਸਰਕਾਰ: ਭਗਤ
ਹਤਿੰਦਰ ਮਹਿਤਾ
ਜਲੰਧਰ, 29 ਮਈ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ, ਮਾਣ-ਸਨਮਾਨ ਅਤੇ ਖੁਸ਼ਹਾਲ ਜੀਵਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਚ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਜਵਾਨਾਂ ਵਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਯਾਦ ਕੀਤੀਆਂ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਿਛਲੇ ਦੋ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਤਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਦੀ ਭਲਾਈ ਯਕੀਨੀ ਬਣਾਉਣ ਲਈ ਕਈ ਸੈਨਿਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸੂਬਾ ਸਰਕਾਰ ਨੇ ਜਿੱਥੇ ਸ਼ਹੀਦ ਦੇ ਵਾਰਸਾਂ ਲਈ ਐਕਸਗ੍ਰੇਸ਼ੀਆ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਉਥੇ ਪਿਛਲੇ ਦੋ ਸਾਲਾਂ ਵਿੱਚ 25 ਆਸ਼ਰਿਤਾਂ ਨੂੰ ਵੱਖ-ਵੱਖ ਅਦਾਰਿਆਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਦਦ ਨਾਲ ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਢੁੱਕਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸ਼ਹੀਦ ਨਾਇਕਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ।