ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਿਆਂ ’ਚ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਜੂਨ
ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਹੋਏ ਸਮਾਗਮ ਦੌਰਾਨ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਗੁਰੂ ਅਰਜਨ ਦੇਵ ਦੀ ਸ਼ਹਾਦਤ ਅਤੇ ਬਾਣੀ ਬਾਰੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਵਰ੍ਹਿਆਂ ਦੇ ਹਨੇਰੇ ਹਟਾਉਣ ਲਈ ਵਰ੍ਹੇ ਨਹੀਂ ਲੱਗਦੇ ਜਦਕਿ ਰੋਸ਼ਨੀ ਦੀ ਇੱਕ ਕਿਰਨ ਹੀ ਕਾਫ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਹਰ ਮੁਸ਼ਕਲ ਅਤੇ ਦੁੱਖ ਦੀ ਘੜੀ ਨੂੰ ‘ਤੇਰਾ ਕੀਆ ਮੀਠਾ ਲਾਗੇ’ ਕਹਿ ਕੇ ਸ਼ਰੀਰ ’ਤੇ ਹੰਡਾਇਆ। ਆਪ ਜੀ ਨੂੰ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਜਾਂਦਾ ਹੈ, ਪਰ ਆਪ ਜੀ ਨੇ ਮਨ ਵਿੱਚ ਕੋਈ ਰੋਸ ਨਹੀਂ ਅਤੇ ਮੱਥੇ ਤੇ ਦੁੱਖ ਦੀ ਕੋਈ ਲਕੀਰ ਨਹੀਂ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਇਸ ਤੋਂ ਪਹਿਲਾਂ ਗੁਰ ਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿੱਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕਰਕੇ ਸੰਗਤ ਦਾ ਧੰਨਵਾਦ ਕੀਤਾ।