ਡਾ. ਹਿਮਾਂਸ਼ੂ ਸੂਦਫ਼ਤਹਿਗੜ੍ਹ ਸਾਹਿਬ, 20 ਦਸੰਬਰਇਥੇ 25 ਦਸੰਬਰ ਤੋਂ ਸ਼ੁਰੂ ਹੋ ਰਹੀ ਸ਼ਹੀਦੀ ਸਭਾ ਨੂੰ ਮੁੱਖ ਰੱਖ ਕੇ ਅੱਜ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਭੇਜੀਆਂ ਮਸ਼ੀਨਾਂ ਨਾਲ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਫਾਈ ਮੁਹਿੰਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਦੀ ਅਰਦਾਸ ਮਗਰੋਂ ਹੋਈ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸੋਨਾ ਥਿੰਦ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ ਗਈ ਇਸ ਸਫ਼ਾਈ ਮੁਹਿੰਮ ਵਿੱਚ ਵਾਲੰਟੀਅਰਾਂ ਵੱਲੋਂ 24 ਘੰਟੇ ਡਿਊਟੀ ਨਿਭਾਈ ਜਾਵੇਗੀ।