ਸ਼ਹੀਦ ਭਗਤ ਸਿੰਘ ਤੇ ਅਜੋਕਾ ਨੌਜਵਾਨ ਵਿਸ਼ੇ ’ਤੇ ਵਿਚਾਰ ਚਰਚਾ
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 25 ਮਾਰਚ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਅਲੂਮਨੀ ਐਸੋਸੀਏਸ਼ਨ ਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ‘ਸ਼ਹੀਦ ਭਗਤ ਸਿੰਘ ਅਤੇ ਅਜੋਕਾ ਨੌਜਵਾਨ’ ਵਿਸ਼ੇ ’ਤੇ ਵਿਚਾਰ ਚਰਚਾ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਵਿੱਚ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਨੇ ਕੀਤੀ।
ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਪੁਰਾਣੇ ਵਿਦਿਆਰਥੀਆਂ ਨਾਲ ਜਾਣ ਪਛਾਣ ਕਰਵਾਈ। ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨੌਜਵਾਨ ਵਰਗ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਮੁੱਖ ਬੁਲਾਰੇ ਸਾਬਕਾ ਸਰਪੰਚ ਅਪਾਰਜੀਤ ਸਿੰਘ ਘੁੰਮਣ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ। ਡਾ. ਬਲਚਰਨਜੀਤ ਸਿੰਘ ਭਾਟੀਆ ਨੇ ਕਿਹਾ ਕਿ ਪੰਜਾਬ ਅਤੇ ਦੇਸ ਦੀ ਤਰੱਕੀ ਲਈ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ, ਤਾਂ ਹੀ ਦੇਸ਼ ਅੰਦਰ ਨਸ਼ਿਆਂ, ਮਹਿੰਗਾਈ ਤੇ ਬੇਰੁਜ਼ਗਾਰੀ ਸਮੇਤ ਹੋਰਨਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ। ਪੁਰਾਣੇ ਵਿਦਿਆਰਥੀ ਪ੍ਰਕਾਸ਼ ਸਿੰਘ, ਰਾਜਿੰਦਰ ਕੌਰ, ਅਲੂਮਨੀ ਐਸੋਸੀਏਸ਼ਨ ਦੇ ਸਕੱਤਰ ਸਾਬਕਾ ਪ੍ਰੋਫੈਸਰ ਵੀ.ਕੇ. ਗੁਪਤਾ, ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਸਤਿੰਦਰ ਕੌਰ, ਪ੍ਰੋਫੈਸਰ ਜਸਕਿਰਨ ਕੌਰ ਨੇ ਵੀ ਵਿਚਾਰ ਚਰਚਾ ਵਿੱਚ ਹਿੱਸਾ ਲਿਆ। ਮੰਚ ਸੰਚਾਲਨ ਪ੍ਰੋਫੈਸਰ ਹਰਜਿੰਦਰ ਸਿੰਘ ਨੇ ਕੀਤਾ।