ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 5 ਮਈ
ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਲੇਬਰ ਚੌਕ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਇਸ ਸਮੇਂ ਲਾਲ ਝੰਡਾ ਲਹਿਰਾਉਣ ਦੀ ਰਸਮ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਨੇ ਕੀਤੀ, ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਗੁਲਾਬ ਚੰਦ ਚੌਹਾਨ, ਰਾਣਾ ਪ੍ਰਤਾਪ ਸਿੰਘ, ਦਲਬੀਰ ਸਿੰਘ ਜਟਾਣਾ ਨੇ ਕੀਤੀ। ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮਲਾਗਰ ਸਿੰਘ ਖਮਾਣੋਂ, ਪੀਐਸਯੂ ਦੇ ਆਗੂ ਰਾਣਾ ਪ੍ਰਤਾਪ ਸਿੰਘ ਅਤੇ ਸਤਵਿੰਦਰ ਸਿੰਘ ਨੀਟਾ ਨੇ ਕਿਹਾ ਕਿ ਉਕਤ ਸ਼ਹੀਦਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਖਤਮ ਕਰਕੇ ਹਰ ਸਰਕਾਰੀ ਅਦਾਰਿਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੰਜਾਬ ਅੰਦਰ ਸਿਖਿਆ ਦਾ ਅਧਿਕਾਰ ਐਕਟ 2009 ਫੌਰੀ ਲਾਗੂ ਕਰਕੇ ਕਮਜ਼ੋਰ ਵਰਗ ਨਾਲ ਸਬੰਧਤ ਬੱਚਿਆਂ ਨੂੰ ਗੈਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਦਾਖਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਸੁੱਖ ਰਾਮ , ਰੁਪਿੰਦਰ ਸਿੰਘ , ਠੇਕੇਦਾਰ ਰਣਧੀਰ ਸਿੰਘ , ਕਮਲਜੀਤ ਸਿੰਘ, ਗੁਰਮੇਲ ਸਿੰਘ, ਲਖਵੀਰ ਸਿੰਘ , ਸਤਨਾਮ ਸਿੰਘ, ਜਗਮੀਤ ਸਿੰਘ, ਦਲਜੀਤ ਸਿੰਘ ਅਤੇ ਅਜੈਬ ਸਿੰਘ ਆਦਿ ਹਾਜ਼ਰ ਸਨ।