ਸ਼ੇਰਗੜ੍ਹ ਚੀਮਾ ਵਾਸੀਆਂ ਵੱਲੋਂ ਨਸ਼ੇ ਖ਼ਤਮ ਕਰਨ ਦਾ ਅਹਿਦ
ਸੰਦੌੜ, 20 ਮਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਮਾਲੇਰਕੋਟਲਾ ਦੇ ਪਿੰਡ ਸ਼ੇਰਗੜ੍ਹ ਚੀਮਾ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ’ਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਇਸ ਮੌਕੇ ਪਹੁੰਚੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਸਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ। ਇਸ ਮੌਕੇ ਜੁਗਰਾਜ ਸਿੰਘ ਸਰਪੰਚ, ਚਰਨਜੀਤ ਸਿੰਘ ਚੰਨਾ, ਬਿੱਕਰ ਸਿੰਘ ਨੰਬਰਦਾਰ, ਪੰਚ ਸੁਖਦੇਵ ਸਿੰਘ, ਪੰਚ ਜਗਦੀਪ ਸਿੰਘ ਜੱਗਾ, ਹਰੀਪਾਲ ਕਸਬਾ ਭੁਰਾਲ, ਪੰਚ ਜਗਦੀਪ ਸਿੰਘ, ਪੰਚ ਈਦੂ ਖਾਂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।