ਸ਼੍ਰੋਮਣੀ ਕਮੇਟੀ ਛੱਤੀਸਗੜ੍ਹ ’ਚ ਕਾਲਜ ਖੋਲ੍ਹਣ ਦੀ ਇਛੁੱਕ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਵਿੱਚ ਗੁਰੂ ਨਾਨਕ ਦੇਵ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਦੀ ਸਥਾਪਨਾ ਕਰਨਾ ਚਾਹੁੰਦੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਨਾਲ ਮੁਲਾਕਾਤ ਕਰ ਕੇ ਆਪਣੀ ਇਹ ਮੰਗ ਉਨ੍ਹਾਂ ਸਾਹਮਣੇ ਰੱਖੀ ਹੈ।
ਵਫ਼ਦ ਨੇ ਮੁੱਖ ਮੰਤਰੀ ਨੂੰ ਰਾਏਪੁਰ ਅੰਦਰ ਗੁਰੂ ਨਾਨਕ ਦੇਵ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਦੀ ਸਥਾਪਨਾ ਵਾਸਤੇ 10 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐੱਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਸੈਣੀ, ਸਥਾਨਕ ਸਿੱਖ ਆਗੂ ਗੁਰਮੇਲ ਸਿੰਘ ਭੰਵਰਾ, ਸਾਬਕਾ ਐੱਸਪੀ ਅਮਰਜੀਤ ਸਿੰਘ ਛਾਬੜਾ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਸੌਂਪੇ ਪੱਤਰ ਵਿੱਚ ਕਿਹਾ ਗਿਆ ਕਿ ਛੱਤੀਸਗੜ੍ਹ ਰਾਜ ਵਿੱਚ ਸਿੱਖਾਂ ਦੀ ਵੱਡੀ ਆਬਾਦੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਵੱਸੇ ਸਿੱਖ ਪਰਿਵਾਰ ਛੱਤੀਸਗੜ੍ਹ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਇੱਥੋਂ ਦੀ ਰਾਜਧਾਨੀ ਰਾਏਪੁਰ ਦੇ ਨਵਾਂ ਰਾਏਪੁਰ ਅਟਲ ਨਗਰ ’ਚ ਗੁਰੂ ਨਾਨਕ ਦੇਵ ਦੀ ਯਾਦ ਵਿੱਚ ਡਿਗਰੀ ਅਤੇ ਹੁਨਰ ਵਿਕਾਸ ਕਾਲਜ ਦੇ ਨਾਲ-ਨਾਲ ਗੁਰਮਤਿ ਸੰਗੀਤ ਅਕੈਡਮੀ ਖੋਲ੍ਹਣਾ ਚਾਹੁੰਦੀ ਹੈ। ਇਸ ਵਾਸਤੇ ਸਰਕਾਰ 10 ਏਕੜ ਜ਼ਮੀਨ ਦੇਣ ਦੀ ਪਹਿਲਕਦਮੀ ਕਰੇ। ਵਫ਼ਦ ਆਗੂ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।