ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ ਭਲਕੇ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 15 ਦੀ ਥਾਂ ਹੁਣ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਨੂੰ ਸੱਦੀ ਗਈ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਮੀਟਿੰਗ 16 ਅਪਰੈਲ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਕਾਜ ਨਾਲ ਸਬੰਧਤ ਰੁਟੀਨ ਦੀ ਇਸ ਮੀਟਿੰਗ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਦਮਦਮੀ ਟਕਸਾਲ ਅਤੇ ਉਸ ਨਾਲ ਹਮਖਿਆਲੀ ਹੋਰ ਸਿੱਖ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰਾਂ ਨੂੰ ਬਦਲਣ ਦੇ ਲਏ ਗਏ ਫ਼ੈਸਲੇ ਦਾ ਵਿਰੋਧ ਕਰ ਰਹੀਆਂ ਹਨ। ਬੀਤੇ ਦਿਨੀਂ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਨੇੜੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਦਮਦਮੀ ਟਕਸਾਲ ਵੱਲੋਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ 15 ਅਪਰੈਲ ਤੱਕ ਦਾ ਨੋਟਿਸ ਦਿੱਤਾ ਗਿਆ ਸੀ ਕਿ ਜੇ ਜਥੇਦਾਰਾਂ ਨੂੰ ਬਦਲਣ ਦਾ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਉਹ ਇਸ ਮਾਮਲੇ ਵਿੱਚ ਸੰਘਰਸ਼ ਦੀ ਨਵੀਂ ਰੂਪਰੇਖਾ ਉਲੀਕਣਗੇ। ਇਸ ਮਾਮਲੇ ਦੇ ਮੱਦੇਨਜ਼ਰ ਸਿੱਖ ਪੰਥ ਦੀਆਂ ਨਜ਼ਰਾਂ ਸ਼੍ਰੋਮਣੀ ਕਮੇਟੀ ਦੀ ਇਸ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੱਲ ਹਨ। ਪਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਸੂਤਰਾਂ ਮੁਤਾਬਕ ਅੰਤ੍ਰਿੰਗ ਕਮੇਟੀ ਦੀ ਇਸ ਮੀਟਿੰਗ ਵਿੱਚ ਅਜਿਹਾ ਕੋਈ ਏਜੰਡਾ ਸ਼ਾਮਲ ਨਹੀਂ ਹੈ ਤੇ ਇਸ ਵਿੱਚ ਰੂਟੀਨ ਦੇ ਮਾਮਲੇ ਵਿਚਾਰੇ ਜਾਣ ਦੀ ਸੰਭਾਵਨਾ ਹੈ।