ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸੇਵਾ ਮੁਕਤੀ ਮੌਕੇ ਸਮਾਗਮ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ। ਸ੍ਰੀ ਰਮਦਾਸ 1987 ਵਿੱਚ ਸਿੱਖ ਸੰਸਥਾ ਵਿੱਚ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿੱਚ ਇੰਚਾਰਜ, ਮੀਤ ਸਕੱਤਰ ਸਮੇਤ ਹੋਰ ਥਾਵਾਂ ’ਤੇ ਵੱਖ-ਵੱਖ ਅਹੁਦਿਆਂ ’ਤੇ ਡਿਊਟੀ ਨਿਭਾਈ। ਇਸੇ ਦੌਰਾਨ ਭਾਈ ਦਿਲਬਾਗ ਸਿੰਘ ਪੰਜ ਪਿਆਰਾ, ਸੁਖਵਿੰਦਰ ਸਿੰਘ ਇੰਚਾਰਜ ਸਰੁੱਖਿਆ ਦਸਤਾ ਤੇ ਜਗਤਾਰ ਸਿੰਘ ਢਾਡੀ ਵੀ ਅੱਜ ਸੇਵਾਮੁਕਤ ਹੋਏ। ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰਾਂ ਨੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਹਰਜਿੰਦਰ ਸਿੰਘ ਰੰਧਾਵਾ ਨੇ ਸੰਬੋਧਨ ਕੀਤਾ।