ਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਸਿੱਖ ਪਰਿਵਾਰਾਂ ਨੂੰ ਚੈੱਕ ਦਿੱਤੇ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਮਈ
ਭਾਰਤ-ਪਾਕਿਸਤਾਨ ਵਿਚਾਲੇ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ ਗਏ ਹਨ। ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਫਦ ਅੱਜ ਪੁਣਛ ’ਚ ਰਾਗੀ ਭਾਈ ਅਮਰੀਕ ਸਿੰਘ ਨਮਿਤ ਭੋਗ ਤੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਇਆ। ਉੱਥੇ ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੁਨੀਆਂ ਵਿੱਚ ਜਦੋਂ ਵੀ ਕਿਸੇ ਸਿੱਖ ਨਾਲ ਔਖੀ ਘੜੀ ਬਣੀ ਤਾਂ ਸ਼੍ਰੋਮਣੀ ਕਮੇਟੀ ਨੇ ਆਪਣਾ ਫਰਜ਼ ਸਮਝ ਕੇ ਉਸ ਨਾਲ ਖੜ੍ਹੇ ਹੁੰਦਿਆਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨੀ ਫ਼ੌਜ ਵੱਲੋਂ ਕੀਤੇ ਗਏ ਹਮਲੇ ਸਮੇਂ ਪੁਣਛ ਵਿੱਚ ਉੱਥੋਂ ਦੇ ਵਾਸੀ ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫ਼ੌਜੀ ਅਮਰਜੀਤ ਸਿੰਘ ਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁਣਛ) ਦੀ ਮੌਤ ਹੋ ਗਈ ਸੀ। ਇਸ ਹਮਲੇ ਵਿੱਚ ਜ਼ਖ਼ਮੀ ਹੋਏ ਗੁਰਮੀਤ ਸਿੰਘ ਅਤੇ ਉਸ ਦਾ ਪੁੱਤਰ ਇੱਥੇ ਅੰਮ੍ਰਿਤਸਰ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜੰਮੂ ਕਸ਼ਮੀਰ ਵਿੱਚ ਸਿੱਖਾਂ ਦੇ ਮਾਮਲਿਆਂ ਪ੍ਰਤੀ ਸੁਹਿਰਦ ਪਹੁੰਚ ਅਪਣਾਏ। ਇਸੇ ਦੌਰਾਨ ਮਹੰਤ ਮਨਜੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਪੀੜਿਤ ਸਿੱਖ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ।