ਸ਼੍ਰੋਮਣੀ ਕਮੇਟੀ ਹੀ ਬਣਾਏਗੀ ਜਥੇਦਾਰ ਦੀ ਨਿਯੁਕਤੀ ਸਬੰਧੀ ਨਿਯਮ: ਚੀਮਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਚੰਡੀਗੜ੍ਹ, 28 ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਬਾਗ਼ੀ ਧੜੇ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਵਾਸਤੇ ਨਿਯਮ ਤੈਅ ਕਰਨ ਸਬੰਧੀ ਵਿਧਾਨ ਸਭਾ ਦਾ ਦਖ਼ਲ ਮੰਗੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਜਥੇਦਾਰ ਦੀ ਨਿਯੁਕਤੀ ਸਬੰਧੀ ਨਿਯਮ ਜਾਂ ਕਾਨੂੰਨ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜ ਮੈਂਬਰੀ ਕਮੇਟੀ ਇਸ ਵਾਸਤੇ ਗਠਿਤ ਕੀਤੀ ਜਾਵੇਗੀ। ਇਸ ਲਈ ਇਸ ’ਤੇ ਚਰਚਾ ਕਰਨੀ ਹੀ ਨਹੀਂ ਬਣਦੀ। ਉਨ੍ਹਾਂ ਦੋਸ਼ ਲਾਇਆ ਕਿ ਇਯਾਲੀ ‘ਆਪ’ ਸਰਕਾਰ ਨਾਲ ਮਿਲ ਕੇ ਅਕਾਲ ਤਖ਼ਤ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ।
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੋਸ਼ ਲਾਇਆ ਕਿ ਮਨਪ੍ਰੀਤ ਸਿੰਘ ਇਯਾਲੀ ਇੱਕ ਪਾਸੇ ਅਕਾਲ ਤਖ਼ਤ ਦੀ ਸਰਵਉੱਚਤਾ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਇਸ ਨੂੰ ਵਿਧਾਨ ਸਭਾ ਅਧੀਨ ਲਿਆਉਣ ਦਾ ਯਤਨ ਕਰ ਰਹੇ ਹਨ।
ਨਿਯੁਕਤੀ ਸਬੰਧੀ ਚਰਚਾ ਵਿਧਾਨ ਸਭਾ ਦੇ ਰਿਕਾਰਡ ’ਚੋਂ ਖਾਰਜ ਕਰਨ ਦੀ ਮੰਗ
ਦਲਜੀਤ ਸਿੰਘ ਚੀਮਾ ਨੇ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਸਬੰਧੀ ਨਿਯਮ ਕਾਨੂੰਨ ਤੈਅ ਕਰਨ ਦੀ ਬਹਿਸ ਦੀ ਸ਼ੁਰੂਆਤ ਕਰਨ ’ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਨੂੰ ਇਹ ਬਹਿਸ ਫੌਰੀ ਰੋਕ ਦੇਣੀ ਚਾਹੀਦੀ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਸਪੀਕਰ ਵਿਧਾਨ ਸਭਾ ਵਿੱਚ ਧਾਰਮਿਕ ਮੁੱਦੇ ਚੁੱਕਣ ਦੀ ਵੀ ਆਗਿਆ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਇਹ ਸਾਰੀ ਚਰਚਾ ਵਿਧਾਨ ਸਭਾ ਦੇ ਰਿਕਾਰਡ ਵਿਚੋਂ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਯਾਲੀ ‘ਆਪ’ ਸਰਕਾਰ ਨਾਲ ਮਿਲ ਕੇ ਅਕਾਲ ਤਖ਼ਤ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ।