ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੰਭੂ ਤੇ ਖਨੌਰੀ ਮੋਰਚੇ ਹਟਾਉਣ ਦਾ ਵਿਰੋਧ: ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਸੈਂਕੜੇ ਕਿਸਾਨ ਪੁਲੀਸ ਨੇ ਹਿਰਾਸਤ ’ਚ ਲਏ

06:25 AM Mar 21, 2025 IST
featuredImage featuredImage
ਬਠਿੰਡਾ ਵਿੱਚ ਜੀਦਾ ਟੌਲ ਪਲਾਜ਼ਾ ’ਤੇ ਧਰਨਾ ਦੇਣ ਵਾਲੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਦੀ ਹੋਈ ਪੁਲੀਸ। -ੋਟੋ: ਪਵਨ ਸ਼ਰਮਾ

ਜੋਗਿੰਦਰ ਸਿੰਘ ਮਾਨ
ਮਾਨਸਾ, 20 ਮਾਰਚ
ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕੱਲ੍ਹ ਗ੍ਰਿਫ਼ਤਾਰ ਕੀਤੇ ਕਿਸਾਨਾਂ ਆਗੂਆਂ ਦੇ ਹੱਕ ’ਚ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮੰਤਰੀ ਖ਼ਿਲਾਫ਼ ਮੁਜ਼ਾਹਰਾ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ 40 ਦੇ ਕਰੀਬ ਕਾਰਕੁਨਾਂ ਨੂੰ ਅੱਜ ਇਥੇ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਵਿੱਚ ਦੀਦਾਰ ਸਿੰਘ, ਕਾਲਾ ਸਿੰਘ, ਜੁਗਰਾਜ ਸਿੰਘ, ਭਜਾ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਲਾਲ ਸਿੰਘ, ਭੂਸੀ ਸਿੰਘ, ਮਲਕੀਤ ਸਿੰਘ ਸਮੇਤ 40 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਭੁੱਚੋ ਮੰਡੀ (ਪਵਨ ਗੋਇਲ): ਸ਼ੰਭੂ ਤੇ ਖਨੌਰੀ ਮੋਰਚਿਆਂ ’ਤੇ ਜਬਰ ਢਾਹੁਣ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਭੁੱਚੋ ਤੇ ਰਾਮਪੁਰਾ ਵਿੱਚ ਸਰਕਾਰ ਦੇ ਪੁਤਲੇ ਫੂਕ ਕੇ ਮੁਜ਼ਾਹਰੇ ਕੀਤੇ ਗਏ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਔਰਤ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਤੇ ਖਨੌਰੀ ਮੋਰਚਿਆਂ ਵਿੱਚ ਸ਼ਾਂਤਮਈ ਬੈਠੇ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਭਾਰੀ ਪੁਲੀਸ ਫੋਰਸ ਦੀ ਵਰਤੋਂ ਕਰ ਕੇ ਤਾਨਾਸ਼ਾਹ ਹੋਣ ਦਾ ਸਬੂਤ ਦਿੱਤਾ ਹੈ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਕਿਸਾਨਾਂ ’ਤੇ ਕਥਿਤ ਪੁਲੀਸ ਜਬਰ ਖ਼ਿਲਾਫ਼ ਭਾਕਿਯੂ ਉਗਰਾਹਾਂ ਵੱਲੋਂ ਪਿੰਡ ਕੋਟਲੀ ਦੇ ਬੱਸ ਅੱਡੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਗਰਾਹਾਂ ਧੜੇ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਵਿਸ਼ਵਾਸਘਾਤ ਹੈ। ਇਸ ਨਾਲ ਕੇਂਦਰ ਤੇ ਪੰਜਾਬ ਸਰਕਾਰ ਦਾ ਕਿਸਾਨਾਂ ਪੱਖੀ ਚਿਹਰਾ ਨੰਗਾ ਹੋਇਆ ਅਤੇ ਸਾਮਰਾਜੀ ਕਾਰਪੋਰੇਟ ਪੱਖੀ ਘਰਾਣਿਆਂ ਨਾਲ ਜਾਰੀ ਜੱਗ ਜ਼ਾਹਰ ਹੋਈ। ਇਸ ਤੋਂ ਪਹਿਲਾਂ ਬਠਿੰਡਾ ਰੋਡ ’ਤੇ ਧਰਨਾ ਦੇਣ ਦੀ ਤਿਆਰੀ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਮੌਕੇ ਕਰੀਬ 44 ਕਿਸਾਨਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸ਼ੰਭੂ ਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨੀ ਮੋਰਚਿਆਂ ਨੂੰ ਪੁਲੀਸ ਵੱਲੋਂ ਜਬਰੀ ਹਟਾਏ ਜਾਣ ਦੇ ਰੋਸ ਵਜੋਂ ਅੱਜ ਇਥੇ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਸ ਧਰਨੇ ਦੀ ਅਗਵਾਈ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਜਿੰਨਾ ਚਿਰ ਬਿਨਾਂ ਸ਼ਰਤ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਓਨਾ ਚਿਰ ਮੋਰਚੇ ਨਿਰੰਤਰ ਜਾਰੀ ਰਹਿਣਗੇ ਤੇ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਵਾਜ਼ ਨੂੰ ਜਬਰੀ ਦਬਾ ਕੇ ਕਾਰਪੋਰੇਟ ਘਰਾਣਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਤਲਵੰਡੀ ਸਾਬੋ (ਪੱਤਰ ਪ੍ਰੇਕਰ): ਸ਼ੰਭੂ ਤੇ ਖਨੌਰੀ ਮੋਰਚਿਆਂ ਨੂੰ ਪੁਲੀਸ ਵੱਲੋਂ ਜਬਰੀ ਹਟਾਉਣ ਅਤੇ ਚੰਡੀਗੜ੍ਹ ’ਚ ਮੀਟਿੰਗ ਬਹਾਨੇ ਬੁਲਾ ਕੇ ਕਿਸਾਨ ਆਗੂਆਂ ਹਿਰਾਸਤ ਵਿੱਚ ਲੈਣ ਦੇ ਵਿਰੋਧ ਵਿੱਚ ਅੱਜ ਸਥਾਨਕ ਐੱਸਡੀਐੱਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਬੀਕੇਯੂ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ ਸਮੇਤ ਹਿਰਾਸਤ ਵਿੱਚ ਲਏ 17 ਕਿਸਾਨਾਂ ਖ਼ਿਲਾਫ਼ ਧਾਰਾ 107/151 ਤਹਿਤ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮਹਿਮਾ ਸਿੰਘ ਚੱਠੇਵਾਲਾ ਦੀ ਅਗਵਾਈ ਵਿੱਚ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।
ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਬਰਨਾਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਸੰਘੇੜਾ ਵਿਚ ਮੀਟਿੰਗ ਉਪਰੰਤ ਡੀਸੀ ਦਫ਼ਤਰ ਪੁੱਜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਅਰਥੀ ਫੂਕੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰੀ ਹਕੂਮਤ ਨਾਲ ਸੁਰ ਸਾਂਝੀ ਕਰ ਕੇ ਕੱਲ੍ਹ ਸ਼ੰਭੂ ਤੇ ਖਨੌਰੀ ਮੋਰਚੇ ਜਬਰੀ ਉਖਾੜ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਸ ਸਮੁੱਚੇ ਘਟਨਾਕ੍ਰਮ ਦੀ ਜ਼ੋਰਦਾਰ ਨਿਖੇਧੀ ਕਰਦੀ ਹੈ। ਇਸ ਦੌਰਾਨ ਬਰਨਾਲਾ ਡੀਸੀ ਦਫ਼ਤਰ ਪੁੱਜ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਹੈ।
ਰਾਮਪੁਰਾ ਫੂਲ (ਖੇਤਰੀ ਪ੍ਰਤੀਨਿਧ): ਸ਼ੰਭੂ ਤੇ ਖਨੌਰੀ ਬਾਰਡਰ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਨੂੰ ਪੰਜਾਬ ਸਰਕਾਰ ਵੱਲੋਂ ਜਬਰੀ ਹਟਾਉਣ ਖ਼ਿਲਾਫ਼ ਕਿਸਾਨਾਂ ਦਾ ਗ਼ੁੱਸਾ ਫੁੱਟ ਗਿਆ ਹੈ ਜਿਸ ਦੇ ਰੋਸ ਵਜੋਂ ਭਾਕਿਯੂ ਕ੍ਰਾਂਤੀਕਾਰੀ ਜ਼ਿਲ੍ਹਾ ਬਠਿੰਡਾ ਕਮੇਟੀ ਵੱਲੋਂ ਅੱਜ ਮਹਿਰਾਜ ਸਮੇਤ ਹੋਰ ਪਿੰਡਾਂ ਵਿੱਚ ਪੰਜਾਬ ਸਰਕਾਰ ਦੀ ਅਰਥੀਆਂ ਫ਼ੂਕੀਆਂ ਗਈਆਂ ਹੈ। ਇਸੇ ਤਰ੍ਹਾਂ ਮੰਡੀ ਕਲਾਂ ਨੇੜਿਓਂ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ।
ਗਿੱਦੜਬਾਹਾ (ਪੱਤਰ ਪ੍ਰੇਰਕ): ਅੱਜ ਗਿੱਦੜਬਾਹਾ ’ਚ ਕੌਮੀ ਮਾਰਗ-7 ’ਤੇ ਭਾਕਿਯੂ ਏਕਤਾ( ਉਗਰਾਹਾਂ) ਅਤੇ ਭਾਕਿਯੂ ਖੋਸਾ ਵੱਲੋ ਰੋਸ ਧਰਨਾ ਦਿੱਤਾ ਗਿਆ। ਪੁਲੀਸ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਰਸਤਾ ਰੋਕਣ ਦੇ ਫੇੈਸਲੇ ਨੂੰ ਫੇਲ੍ਹ ਕਰ ਦਿੱਤਾ। ਇਸ ਮੌਕੇ ’ਤੇ ਡੀਐੱਸਪੀ (ਐੱਚ) ਰਮਨਪ੍ਰੀਤ ਸਿੰਘ ਗਿੱਲ, ਥਾਣਾ ਮੁਖੀ ਦੀਪਿਕਾ ਕੰਬੋਜ ਅਤੇ ਪੁਲੀਸ ਪਾਰਟੀ ਨੇ ਮਾਮੂਲੀ ਜਿਹੀ ਖਿੱਚੋਤਾਣ ਉਪਰੰਤ ਕਰੀਬ 30-35 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦੂਰ ਲਿਜਾ ਕੇ ਛੱਡ ਦਿੱਤਾ ਗਿਆ।
ਡੱਬਵਾਲੀ (ਪੱਤਰ ਪ੍ਰੇਰਕ): ਕਿਸਾਨ ਮੋਰਚਿਆਂ ’ਤੇ ਪੁਲੀਸ ਦੇ ਐਕਸ਼ਨ ਖਿਲਾਫ਼ ਅੱਜ ਕੌਮੀ ਸ਼ਾਹ ਰਾਹ-9 ’ਤੇ ਖੂਈਆਂ ਮਲਕਾਣਾ ਟੌਲ ਪਲਾਜਾ ’ਤੇ ਹਰਿਆਣਵੀ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਕਿਸਾਨਾਂ ਦੇ ਵਿਰੋਧ ਕਾਰਨ ਟੌਲ ਪਲਾਜ਼ਾ ’ਤੇ ਹਰਿਆਣਾ ਪੁਲੀਸ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਤਪਾ (ਨਿੱਜੀ ਪੱਤਰ ਪ੍ਰੇਰਕ): ਅੱਜ ਬਠਿੰਡਾ-ਚੰਡੀਗੜ੍ਹ ਕੌਮੀ ਹਾਈਵੇ ਜਾਮ ਕਰਨ ਜਾ ਰਹੇ ਕਿਸਾਨਾਂ ਨੂੰ ਪੁਲੀਸ ਨੇ ਪਿੰਡ ਮਹਿਤਾ ਨੇੜੇ ਲਿੰਕ ਸੜਕ ’ਤੇ ਹੀ ਘੇਰ ਲਿਆ। ਜਿੱਥੇ ਕਿਸਾਨਾਂ ਨੇ ਲਿੰਕ ਸੜਕ ’ਤੇ ਧਰਨਾ ਲਾ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਪੁਲੀਸ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਦਰਸ਼ਨ ਸਿੰਘ, ਜਸਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਬਦਲਾਅ ਸਭ ਤੋਂ ਵੱਧ ਸੂਬੇ ਦੇ ਕਿਸਾਨਾਂ ਨੂੰ ਮਹਿੰਗਾ ਪਿਆ ਹੈ ਜਿਸ ਦਾ ਹਿਸਾਬ ਆਉਣ ਵਾਲੇ ਸਮੇਂ ਵਿੱਚ ਆਪ ਪਾਰਟੀ ਨੂੰ ਵੀ ਦੇਣਾ ਪਵੇਗਾ। ਅੱਜ ਦੇ ਪ੍ਰਦਰਸ਼ਨ ਵਿੱਚ ਕਈ ਵਾਰ ਪੁਲੀਸ ਅਤੇ ਕਿਸਾਨਾਂ ਵਿੱਚ ਮਾਹੌਲ ਗਰਮਾਇਆ, ਪਰ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਦੀ ਸੂਝ-ਬੂਝ ਨਾਲ ਸ਼ਾਂਤੀ ਬਣੀ ਰਹੀ।
ਮਹਿਲਾ ਕਲਾਂ (ਨਿੱਜੀ ਪੱਤਰ ਪ੍ਰੇਰਕ): ਸ਼ੰਭੂ-ਖਨੌਰੀ ਮੋਰਚੇ ਚੁਕਾਉਣ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਬਲਾਕ ਦੇ ਅੱਧੀ ਦਰਜਨ ਪਿੰਡਾਂ ਵਿੱਚ ਸੂਬੇ ਦੀ ਆਪ ਸਰਕਾਰ ਵਿਰੁੱਧ ਅਰਥੀ ਸਾੜ ਕੇ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਪਿੰਡ ਮੂੰਮ, ਗਹਿਲ, ਸਹਿਜੜਾ, ਮਹਿਲ ਕਲਾਂ, ਮਾਂਗੇਵਾਲ, ਕੁਰੜ, ਅਮਲਾ ਸਿੰਘ ਵਾਲਾ ਅਤੇ ਠੁੱਲੀਵਾਲ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ।

Advertisement

Advertisement