ਸਾਈਬਰ ਠੱਗੀ: ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਕਾਬੂ
ਪ੍ਰਭੂ ਦਿਆਲ
ਸਿਰਸਾ, 17 ਜੂਨ
ਸਾਈਬਰ ਥਾਣਾ ਪੁਲੀਸ ਨੇ ਇੱਕ ਮਹਿਲਾ ਨਾਲ ਕਰੀਬ ਸਾਢੇ ਚਾਰ ਲੱਖ ਰੁਪਏ ਦੀ ਸਾਈਬਰ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁਕੀ ਹੈ। ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਮਕਾਰ ਮਨੀ ਵਜੋਂ ਕੀਤੀ ਗਈ ਹੈ। ਇਸ ਸਬੰਧੀ ਸਾਈਬਰ ਪੁਲੀਸ ਥਾਣੇ ਦੇ ਇੰਚਾਰਜ ਸਬ ਇੰਸਪੈਕਟਰ ਸੁਭਾਸ਼ ਚੰਦਰ ਨੇ ਦੱਸਿਆ ਕਿ ਸਿਰਸਾ ਦੀ ਇੱਕ ਮਹਿਲਾ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 24 ਅਪਰੈਲ, 2025 ਨੂੰ ਉਸਨੂੰ ਇੱਕ ਅਣਜਾਣ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਕਾਲ ਕਰਨ ਵਾਲੇ ਨੇ ਕਿਹਾ ਕਿ ਉਹ ਟੈਲੀਗ੍ਰਾਮ ਐਪ ਨਾਲ ਜੁੜ ਕੇ ਘਰ ਬੈਠੇ ਲੱਖਾਂ ਰੁਪਏ ਕਮਾ ਸਕਦੀ ਹੈ। ਇਸ ਬਦਲੇ ਕੰਪਨੀ ਵੱਲੋਂ ਦੱਸਿਆ ਗਿਆ ਕੰਮ ਪੂਰਾ ਕਰਨਾ ਹੋਵੇਗਾ ਅਤੇ ਜਿਵੇਂ ਹੀ ਕੰਮ ਪੂਰਾ ਹੋਵੇਗਾ, ਪੈਸੇ ਖਾਤੇ ਵਿੱਚ ਆ ਜਾਣਗੇ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਪੀੜਤਾ ਨੇ ਲਾਲਚ ਵਿੱਚ ਆ ਕੇ 4 ਲੱਖ 44 ਹਜ਼ਾਰ 940 ਰੁਪਏ ਦਾ ਨਿਵੇਸ਼ ਕੀਤਾ ਅਤੇ ਬਾਅਦ ਵਿੱਚ ਪੈਸੇ ਕਢਵਾਉਣ ਲਈ ਵੈੱਬਸਾਈਟ ’ਤੇ ਦਿੱਤੇ ਲਿੰਕ ’ਤੇ ਕਲਿੱਕ ਕੀਤਾ ਤਾਂ ਟੈਲੀਗ੍ਰਾਮ ਐਪ ਪੂਰੀ ਤਰ੍ਹਾਂ ਬੰਦ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀੜਤਾ ਦੀ ਸ਼ਿਕਾਇਤ ’ਤੇ ਸਾਈਬਰ ਕ੍ਰਾਈਮ ਥਾਣੇ ’ਚ ਸਾਈਬਰ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਤਿੰਨ ਮੁਲਜ਼ਮਾਂ ਨੂੰ ਪੁਲੀਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁਕੀ ਹੈ। ਸਾਈਬਰ ਥਾਣਾ ਇੰਚਾਰਜ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਧੋਖਾਧੜੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।