For the best experience, open
https://m.punjabitribuneonline.com
on your mobile browser.
Advertisement

ਸਾਕਾ ਸਰਹਿੰਦ: ਦੁਨੀਆ ਦੇ ਇਤਿਹਾਸ ਦਾ ਲਾਸਾਨੀ ਪੰਨਾ

04:38 AM Dec 27, 2024 IST
ਸਾਕਾ ਸਰਹਿੰਦ  ਦੁਨੀਆ ਦੇ ਇਤਿਹਾਸ ਦਾ ਲਾਸਾਨੀ ਪੰਨਾ
Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਲਾਸਾਨੀ ਅਤੇ ਵਿਲੱਖਣ ਹੈ। ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਸਾਕਾ ਸਰਹਿੰਦ ਉਹ ਘਟਨਾ ਹੈ ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਰੋਹ ਤਿੱਖਾ ਕੀਤਾ ਅਤੇ ਇਸ ਤੋਂ ਸ਼ਕਤੀ ਤੇ ਪ੍ਰੇਰਨਾ ਲੈ ਕੇ ਸਿੱਖਾਂ ਨੇ ਜ਼ਾਲਮ ਹਕੂਮਤ ਨਾਲ ਟੱਕਰ ਲਈ। ਜਿਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਨੀਹਾਂ ਵਿਚ ਚਿਣ ਕੇ ਸ਼ਹੀਦ ਕੀਤਾ ਗਿਆ ਤਾਂ ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਬਹੁਤ ਛੋਟੀ ਸੀ ਪਰ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜਤਾ ਪ੍ਰੌੜ ਉਮਰ ਤੋਂ ਘੱਟ ਨਹੀਂ ਸੀ। ਸਾਹਿਬਜ਼ਾਦਿਆਂ ਨੇ ਜਿਸ ਦਲੇਰੀ ਅਤੇ ਸਿਦਕਦਿਲੀ ਨਾਲ ਸੂਬੇ ਦੀ ਕਚਹਿਰੀ ਵਿਚ ਸਵਾਲਾਂ ਦੇ ਜਵਾਬ ਦਿੱਤੇ, ਉਸ ਵੱਲੋਂ ਧਰਮ ਛੱਡਣ ਖਾਤਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਕਬੂਲ ਕੀਤੀ, ਉਸ ਦਾ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਕੋਈ ਮੁਕਾਬਲਾ ਨਹੀਂ ਮਿਲਦਾ। ਸਾਹਿਬਜ਼ਾਦਿਆਂ ਦੀ ਇਸ ਕੁਰਬਾਨੀ ਨੂੰ ਸਿੱਖ ਅਤੇ ਗੈਰ-ਸਿੱਖ ਇਤਿਹਾਸਕਾਰਾਂ ਨੇ ਅਦੁੱਤੀ ਕਿਹਾ ਹੈ।
ਕਹਿਰ ਦੀ ਠੰਢੀ ਰਾਤ ਨੂੰ ਗੁਰੂ ਜੀ ਦਾ ਖਾਲਸੇ ਸਮੇਤ ਸ੍ਰੀ ਆਨੰਦਪੁਰ ਛੱਡਣਾ, ਸਰਸਾ ਦਾ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ-ਖੇਰੂੰ ਹੋਣਾ, ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ। ਸਰਸਾ ਪਾਰ ਕਰਨ ਤੋਂ ਬਾਅਦ ਦਸਮੇਸ਼ ਪਿਤਾ, ਆਪ ਦੇ ਮਾਤਾ ਗੁਜਰੀ ਜੀ, ਸਾਹਿਬਜ਼ਾਦੇ ਅਤੇ ਆਪ ਜੀ ਦੇ ਮਹਿਲ ਸਭ ਵਿਛੜ ਗਏ। ਮਾਤਾ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਗੁਰੂ-ਘਰ ਦੇ ਰਸੋਈਏ ਗੰਗੂ ਨਾਲ ਉਸ ਦੇ ਪਿੰਡ ਖੇੜੀ (ਸਹੇੜੀ) ਆ ਗਏ। ਮਾਤਾ ਜੀ ਕੋੋਲ ਸੋਨੇ ਦੀਆਂ ਮੋਹਰਾਂ ਦੇਖ ਅਤੇ ਸਰਕਾਰੀ ਇਨਾਮ ਦੇ ਲਾਲਚ ਵਿੱਚ ਗੰਗੂ ਡੋਲ ਗਿਆ। ਉਸ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨਾਲ ਕੀਤੇ ਵਿਸ਼ਵਾਸਘਾਤ ਬਾਰੇ ਅੱਲਾ ਯਾਰ ਖਾਂ ਜੋਗੀ ਲਿਖਦੇ ਹਨ:
ਬਦਜ਼ਾਤ ਬਦ-ਸਿਫਾਤ ਵਹੁ ਗੰਗੂ ਨਮਕ-ਹਰਾਮ।
ਟੁਕੜੋਂ ਪੇ ਸਤਗੁਰੂ ਕੇ ਜੋ ਪਲਤਾ ਰਹਾ ਮੁਦਾਮ।
ਦੁਨੀਆ ਮੇਂ ਅਪਨੇ ਨਾਮ ਕੋ ਬਦਨਾਮ ਕਰ ਗਿਆ।
ਦੁਸ਼ਮਨ ਭੀ ਜੁ ਨ ਕਰਤਾ ਵਹੁ ਯਿ ਕਾਮ ਕਰ ਗਿਆ।
ਗੰਗੂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਖ਼ਬਰ ਮੋਰਿੰਡੇ ਥਾਣੇ ਜਾ ਦਿੱਤੀ। ਸਾਹਿਬਜ਼ਾਦਿਆਂ ਅਤੇ ਮਾਤਾ ਜੀ ਨੂੰ ਗ੍ਰਿਫਤਾਰ ਕਰ ਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹਵਾਲੇ ਕਰ ਦਿੱਤਾ ਗਿਆ। ਸੂਬੇਦਾਰ ਨੇ ਉਨ੍ਹਾਂ ਨੂੰ ਠੰਢੇ ਬੁਰਜ ਵਿਚ ਕੈਦ ਕਰ ਦਿੱਤਾ। ਕਹਿਰ ਦੀ ਸੀਤ ਵਿਚ ਭੁੱਖੇ ਭਾਣੇ ਸਾਹਿਬਜ਼ਾਦੇ ਸਾਰੀ ਰਾਤ ਦਾਦੀ ਦੀ ਗੋਦ ਵਿਚ ਬੈਠੇ ਪਿਤਾ ਦੀ ਸੂਰਮਗਤੀ, ਦਾਦਿਆਂ-ਪੜਦਾਦਿਆਂ ਦੀ ਕੁਰਬਾਨੀ ਦੀਆਂ ਬਾਤਾਂ ਸੁਣਦੇ ਸਿੱਖੀ ਅਸੂਲਾਂ ’ਤੇ ਦ੍ਰਿੜ ਰਹਿਣ ਲਈ ਸਿੱਖਿਆ ਲੈਂਦੇ ਰਹੇ। ਦਿਨ ਚੜ੍ਹਦਿਆਂ ਸਾਹਿਬਜ਼ਾਦਿਆਂ ਨੂੰ ਕਚਹਿਰੀ ਵਿੱਚ ਪੇਸ਼ ਕਰਨ ਦਾ ਹੁਕਮ ਹੋਇਆ। ਕਚਹਿਰੀ ਵਿੱਚ ਉਨ੍ਹਾਂ ਨੂੰ ਪਹਿਲਾਂ ਧਨ, ਦੌਲਤ, ਜਗੀਰਾਂ, ਸ਼ਾਹੀ ਡੋਲੀਆਂ ਦੇ ਲਾਲਚ ਦੇ ਕੇ ਇਸਲਾਮ ਧਰਮ ਧਾਰਨ ਕਰਨ ਲਈ ਕਿਹਾ ਗਿਆ, ਫਿਰ ਸਰੀਰਕ ਕਸ਼ਟ ਤੇ ਮੌਤ ਦੇ ਡਰਾਵੇ ਦਿੱਤੇ ਗਏ ਪਰ ਕੋਮਲ ਜਿੰਦਾਂ ਦੇ ਚਿਹਰਿਆਂ ’ਤੇ ਸਿੱਖੀ ਪਿਆਰ, ਬੀਰਤਾ ਤੇ ਜੁਰਅਤ ਪ੍ਰਤੱਖ ਦਿਸ ਰਹੀ ਸੀ। ਸਾਹਿਬਜ਼ਾਦਿਆਂ ਦੇ ਅਡੋਲ ਚਿਤ, ਰੋਅਬ ਭਰੇ ਜਵਾਬਾਂ ਨੇ ਸਭ ਨੂੰ ਕੰਬਣੀ ਛੇੜ ਦਿੱਤੀ।
ਕੋਈ ਪੇਸ਼ ਨਾ ਜਾਂਦੀ ਦੇਖ ਕੇ ਮੁੱਲਾਂ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਜਿਸ ’ਤੇ ਉਨ੍ਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾਇਆ। ਇੰਝ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਨੇ ਲਾਸਾਨੀ ਸ਼ਹਾਦਤ ਪ੍ਰਾਪਤ ਕਰ ਕੇ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਪੰਨਾ ਸਿਰਜਿਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਠੰਢੇ ਬੁਰਜ ਵਿਚ ਗੁਰਪੁਰੀ ਪਿਆਨਾ ਕਰ ਗਏ। ਉਨ੍ਹਾਂ ਦੇ ਸਸਕਾਰ ਲਈ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਖਰੀਦੀ ਜਿੱਥੇ ਗੁਰਦੁਆਰਾ ਜੋਤੀ ਸਰੂਪ ਸੁਭਾਇਮਾਨ ਹੈ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਵਿਚ ਨਵੀਂ ਰੂਹ ਫੂਕ ਦਿੱਤੀ। ਦਸਮੇਸ਼ ਪਿਤਾ ਜੀ ਦਾ ਥਾਪੜਾ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹੀ ਉਥਲ ਪੁਥਲ ਲਿਆਂਦੀ ਕਿ ਮੁਗਲ ਸਾਮਰਾਜ ਦੀਆਂ ਜੜ੍ਹਾਂ ਹਿੱਲ ਗਈਆਂ। ਸਿੱਖ ਯੋਧਿਆਂ ਨੇ ਹੈਂਕੜਬਾਜ਼ ਵਜ਼ੀਰ ਖਾਂ ਅਤੇ ਉਸ ਦੇ ਦਰਬਾਰੀਆਂ ਦੀ ਜੋ ਦਸ਼ਾ ਕੀਤੀ, ਉਹ ਇਤਿਹਾਸ ਬਣ ਗਿਆ। ਇਸ ਸਾਕੇ ਪਿੱਛੋਂ ਖ਼ਾਲਸੇ ਨੇ ਸਿੱਖ ਰਾਜ ਦੀ ਮੰਜ਼ਿਲ ਸਰ ਕੀਤੀ।
ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿੱਖਾਂ ਲਈ ਮਾਰਗ ਦਰਸ਼ਕ ਹੈ। ਆਓ, ਇਨ੍ਹਾਂ ਮਹਾਨ ਸ਼ਹਾਦਤਾਂ ਨੂੰ ਸਤਿਕਾਰ ਭੇਟ ਕਰਦਿਆਂ ਨੌਜੁਆਨੀ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ, ਪਰੰਪਰਾਵਾਂ, ਸਿਧਾਂਤਾਂ ਅਤੇ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੋੜੀਏ ਤਾਂ ਜੋ ਭਵਿੱਖ ਵਿੱਚ ਸਿੱਖ ਸਮਾਜ ਸਿੱਖ ਵਿਰਸੇ ਦੀ ਰੌਸ਼ਨੀ ਵਿਚ ਅੱਗੇ ਵਧ ਸਕੇ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।

Advertisement

Advertisement
Advertisement
Author Image

Jasvir Samar

View all posts

Advertisement