ਸਾਬਕਾ ਪ੍ਰਧਾਨ ਮੰਤਰੀ ਦੇ ਦਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 28 ਦਸੰਬਰ
ਵਿਸ਼ਵ ਪ੍ਰਸਿੱਧ ਅਰਥ ਸਾਸ਼ਤਰੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸ਼ਹਿਰ ਦੀਆਂ ਵੱਖ ਵੱਖ ਸਿੱਖਿਆ ਅਤੇ ਸਾਹਿਤਕ ਸੰਸਥਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥਸ਼ਾਸਤਰੀ ਡਾ. ਮਨਮੋਹਨ ਸਿੰਘ ਅਤੇ ਅਕਾਦਮੀ ਦੇ ਸਰਪ੍ਰਸਤ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਬਹੁਤ ਹੀ ਮਹੱਤਵਪੂਰਨ ਲੋਕ ਪੱਖੀ ਅਤੇ ਪੰਜਾਬ ਹਿਤੈਸੀ ਫ਼ੈਸਲੇ ਲਏ ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ ਸ਼ਾਮਲ ਹਨ।
ਕਮਲਾ ਲੋਹਟੀਆ ਕਾਲਜ ਵਿੱਚ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਿੰਸੀਪਲ ਡਾ. ਮੁਹੰਮਦ ਸਲੀਮ ਅਤੇ ਪੂਰੇ ਸਟਾਫ ਨੇ ਸ਼ਰਧਾਂਜਲੀ ਸਮਾਗਮ ਕਰਕੇ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ਐੱਸਸੀਡੀ ਕਾਲਜ ਦੇ ਸਾਬਕਾ ਵਿਦਿਆਰਥੀਆਂ, ਉਦਯੋਗਪਤੀਆਂ, ਅਧਿਆਪਕਾਂ ’ਚ ਐੱਸਐੱਸ ਭੋਗਲ, ਓਂਕਾਰ ਸਿੰਘ ਪਾਹਵਾ, ਜਗਦੀਸ਼ ਸਿੰਗਲਾ, ਟੀਸੀ ਜੈਨ, ਡੀਐੱਸ ਚਾਵਲਾ ਗੁਰਮੀਤ ਸੰਘ ਕੁਲਾਰ, ਦਲਬੀਰ ਸਿੰਘ ਮੌਲੀ ਅਤੇ ਬ੍ਰਿਜ ਭੂਸ਼ਣ ਗੋਇਲ ਨੇ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ। ਪੀਏਯੂ ਵਿੱਚ ਅੱਜ ਸ਼ੋਕ ਸਭਾ ਕਰਕੇ ਡਾ. ਮਨਮੋਹਨ ਸਿੰਘ ਦੀ 2012 ਵਿੱਚ ਪ੍ਰਧਾਨ ਮੰਤਰੀ ਵਜੋਂ ਪੀਏਯੂ ਦੀ ਫੇਰੀ ਨੂੰ ਯਾਦ ਕੀਤਾ ਗਿਆ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਬਸਪਾ ਦੇ ਸੂਬਾ ਪ੍ਰਧਾਨ ਵੱਲੋਂ ਦੁੱਖ ਦਾ ਪ੍ਰਗਟਾਵਾਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਣ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਅੱਜ ਇੱਥੇ ਉਨ੍ਹਾਂ ਡਾ. ਮਨਮੋਹਣ ਸਿੰਘ ਨੂੰ ਬਹੁਪੱਖੀ ਸਖ਼ਸ਼ੀਅਤ ਦਾ ਮਾਲਕ ਦੱਸਦਿਆਂ ਉਨ੍ਹਾਂ ਦੀ ਮੌਤ ਨੂੰ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਕਰਕੇ ਡਾ. ਮਨਮੋਹਣ ਸਿੰਘ ਲੋਕਾਂ ਦੇ ਚੇਤਿਆਂ ਵਿੱਚ ਹਮੇਸ਼ਾਂ ਲਈ ਰਹਿਣਗੇ। ਉਨ੍ਹਾਂ ਕਿਹਾ ਕਿ ਬਸਪਾ ਹੀ ਨਹੀਂ ਪੂਰਾ ਦੇਸ਼ ਉਨ੍ਹਾਂ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਖੜ੍ਹਾ ਹੈ।