ਸਾਲ 2024 ਦਾ ਲੇਖਾ-ਜੋਖਾ: ਲੋਕ ਸਭਾ ਚੋਣਾਂ ’ਚ ਹਾਰ ਮਗਰੋਂ ਅਕਾਲੀ ਦਲ ਦੀ ‘ਤੱਕੜੀ’ ਹੋਈ ਡਾਵਾਂਡੋਲ
ਆਤਿਸ਼ ਗੁਪਤਾ
ਚੰਡੀਗੜ੍ਹ, 30 ਦਸੰਬਰ
ਪੰਜਾਬ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਸਾਲ-2024 ਦਾ ਵਰ੍ਹਾ ਨਿਰਾਸ਼ਾ ਭਰਿਆ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੀ ਹਾਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਇਸ ਵਰ੍ਹੇ ਪਾਰਟੀ ਤੋਂ ਕੁਝ ਆਗੂਆਂ ਨੇ ਬਾਗ਼ੀ ਹੋ ਕੇ ਨਵਾਂ ਧੜਾ ਵੀ ਬਣਾ ਲਿਆ ਸੀ। ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਤਨਖ਼ਾਹ ਵੀ ਲਗਾਈ ਗਈ। ਇਸ ਦੌਰਾਨ ਸੇਵਾ ਕਰਨ ਸਮੇਂ ਸੁਖਬੀਰ ’ਤੇ ਜਾਨਲੇਵਾ ਹਮਲਾ ਵੀ ਹੋਇਆ ਪਰ ਸਾਲ ਤੇ ਅੰਤ ਤੱਕ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਜਾ ਸਕਿਆ।
ਸ਼੍ਰੋਮਣੀ ਅਕਾਲੀ ਦਲ ਨੂੰ ਸਾਲ 2017 ਤੋਂ ਹੀ ਪੰਜਾਬ ਦੀ ਸਿਆਸਤ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਸਿਰਫ਼ ਤਿੰਨ ਸੀਟਾਂ ਮਿਲੀਆਂ ਜਦੋਂ ਕਿ ਸਾਲ 2024 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ 13 ਸੀਟਾਂ ਵਿੱਚੋਂ ਇਕ ਸੀਟ ਹੀ ਮਿਲੀ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਚੋਣ ਮੈਦਾਨ ਵਿੱਚ ਨਿੱਤਰੇ ਸਨ। ਇਨ੍ਹਾਂ ਵਿੱਚੋਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹੀ ਜਿੱਤ ਹਾਸਲ ਕਰ ਸਕੇ ਸਨ। ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਜਦੋਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਜ਼ਿਆਦਾਤਰ ਉਮੀਦਵਾਰਾਂ ਦੀਆਂ ਜ਼ਮਾਨਤਾਂ ਤੱਕ ਜ਼ਬਤ ਹੋ ਗਈਆਂ।
ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੇ ਹੀ ਕੁਝ ਆਗੂਆਂ ਨੇ ਸੁਖਬੀਰ ਬਾਦਲ ਵਿਰੁੱਧ ਬਗ਼ਾਵਤ ਕਰ ਦਿੱਤੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਲਈ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਉਮੀਦਵਾਰ ਦਾ ਐਲਾਨ ਕਰਨ ਤੋਂ ਬਾਅਦ ਪੈਰ ਪਿੱਛੇ ਨੂੰ ਖਿੱਚਣਾ ਪੈ ਗਿਆ। ਉਸ ਤੋਂ ਬਾਅਦ ਪਾਰਟੀ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵੀ ਨਾ ਲੜਨ ਦਾ ਫੈਸਲਾ ਕੀਤਾ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸਾਲ 2007 ਤੋਂ 2017 ਤੱਕ ਹੋਈਆਂ ਗ਼ਲਤੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕੀਤੀ ਗਈ। ਉਸ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਆਗੂਆਂ ਨੂੰ ਤਨਖ਼ਾਹੀਆ ਕਰਾਰ ਦਿੱਤਾ।