ਸਾਲ 2024: ਪੁਲੀਸ ਨੇ ਵੱਖ-ਵੱਖ ਕੇਸਾਂ ’ਚ ਲੋੜੀਂਦੇ 222 ਭਗੌੜੇ ਫੜੇ
ਪ੍ਰਭੂ ਦਿਆਲ
ਸਿਰਸਾ, 29 ਦਸੰਬਰ
ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਸਾਲ 2024 ਦੌਰਾਨ ਪੁਲੀਸ ਵੱਲੋਂ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ ਭਗੌੜਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 222 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿਅਕਤੀਆਂ ’ਚੋਂ ਦਸ ਵਿਅਕਤੀ ਮੋਸਟ ਵਾਂਟਿਡ ਮੁਲਜ਼ਮ ਸਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਥਾਣਾ ਇੰਚਾਰਜਾਂ ਅਤੇ ਕ੍ਰਾਈਮ ਯੂਨਿਟਾਂ ਨੂੰ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਹਿਮ ਸੁਰਾਗ ਇਕੱਠੇ ਕਰਨ ਅਤੇ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਪੁਲੀਸ ਵੱਲੋਂ ਅਪਰਾਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਗਈਆਂ ਸਨ, ਜਿਸ ਦੇ ਸਾਰਥਕ ਨਤੀਜੇ ਮਿਲੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਜਿੱਥੇ ਵਿਸ਼ੇਸ਼ ਅਭਿਆਨ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਭਗੌੜਿਆਂ ਨੂੰ ਕਾਬੂ ਕੀਤਾ ਹੈ, ਉੱਥੇ ਹੀ ਇਸ ਅਰਸੇ ਦੌਰਾਨ ਅਪਰਾਧਿਕ ਵਾਰਦਾਤਾਂ ਕਰਨ ਵਾਲੇ 9 ਅਪਰਾਧਿਕ ਗਰੋਹਾਂ ਦਾ ਵੀ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤਫ਼ਤੀਸ਼ ਦੌਰਾਨ ਅਪਰਾਧਿਕ ਗਰੋਹ ਦੇ 31 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 40 ਦੇ ਕਰੀਬ ਅਪਰਾਧਿਕ ਮਾਮਲਿਆਂ ਨੂੰ ਸੁਲਝਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਗਰੋਹ ਦੇ ਮੈਂਬਰਾਂ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿੱਚੋਂ ਕਰੀਬ 13 ਲੱਖ ਰੁਪਏ ਦੀ ਨਜਾਇਜ਼ ਸੰਪਤੀ ਵੀ ਬਰਾਮਦ ਕੀਤੀ ਗਈ ਹੈ। ਐਸਪੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਥਾਣਾ ਇੰਚਾਰਜਾਂ ਅਤੇ ਸੀਆਈਏ ਯੂਨਿਟਾਂ ਨੂੰ ਵੱਖ-ਵੱਖ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਦੀ ਸੂਚੀ ਬਣਾ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।