ਸਿਆਸੀ ਪਾਰਟੀਆਂ ਘੱਟ ਗਿਣਤੀਆਂ ਦੀ ਆਵਾਜ਼ ਦਬਾਅ ਰਹੀਆਂ ਨੇ: ਦੂਆ
ਲੁਧਿਆਣਾ, 2 ਜੂਨ
ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਘੱਟ ਗਿਣਤੀਆਂ ਭਾਈਚਾਰੇ ਦੇ ਸਰਬ ਸਾਂਝੇ ਉਮੀਦਵਾਰ ਅਤੇ ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਨੇ ਕਿਹਾ ਹੈ ਕਿ ਰਿਵਾਇਤੀ ਪਾਰਟੀਆਂ ਨੇ ਅੱਜ ਤੱਕ ਘੱਟ ਗਿਣਤੀ ਵਰਗਾਂ ਦੀ ਕੋਈ ਸਾਰ ਨਹੀਂ ਲਈ ਅਤੇ ਇਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸਾਈ ਭਾਈਚਾਰੇ ਨੂੰ ਕਦੀ ਵੀ ਸਰਕਾਰ ਵਿੱਚ ਪ੍ਰਤੀਨਿਧਤਾ ਨਹੀਂ ਦਿੱਤੀ ਅਤੇ ਹਮੇਸ਼ਾਂ ਹੀ ਵੋਟਾਂ ਹਾਸਲ ਕਰਕੇ ਇਨ੍ਹਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਘੱਟ ਗਿਣਤੀ ਵਰਕਰਾਂ ਅਤੇ ਇਸਾਈ ਭਾਈਚਾਰੇ ਨੂੰ ਜੇਕਰ ਕੁੱਝ ਦਿਤਾ ਵੀ ਗਿਆ ਸੀ ਤਾਂ ਉਹ ਸਿਰਫ ਡੰਮੀ ਪੋਸਟ ਹੀ ਸੀ। ਜਿਸ ਕਾਰਨ ਇਹ ਵਰਗ ਇਨ੍ਹਾਂ ਪਾਰਟੀਆਂ ਤੋਂ ਦੁਖੀ ਅਤੇ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲੜ ਰਹੀ ਕਾਂਗਰਸ ਪਾਰਟੀ ਵਿੱਚ ਗੁੱਟਬੰਦੀ ਸਿਖ਼ਰ ’ਤੇ ਹੈ। ਭਾਰਤ ਭੂਸ਼ਣ ਆਸ਼ੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਪਸੀ ਲੜਾਈ ਜਗ ਜ਼ਾਹਰ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਝੂਠ ਅਤੇ ਫ਼ਰੇਬ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਚੋਣਾਂ ਸਮੇਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਜਦਕਿ ਹੁਣ ਹੋਰ ਵਾਅਦੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪ ਪਾਰਟੀ ਨੂੰ ਸਵਾਲ ਕਰਨ ਕਿ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਕਦੋਂ ਮਿਲਣੇ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ 24311 ਏਕੜ ਉਪਜਾਊ ਜ਼ਮੀਨ ਨੂੰ ਕੋਡੀਆਂ ਭਾਅ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਨਹੀਂ ਬਲਕਿ ਸਾਡਾ ਸਭ ਦਾ ਮਸਲਾ ਹੈ। ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ ਬਣੀ ਹੋਈ ਹੈ ਅਤੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਇਸੇ ਤਰ੍ਹਾਂ ਅਕਾਲੀ ਦਲ ਨੂੰ ਤਾਂ ਉਸਦੀ ਪਾਰਟੀ ਦੇ ਵਰਕਰਾਂ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹਰ ਵਰਗ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਰਿਵਾਇਤੀ ਪਾਰਟੀਆਂ ਨੂੰ ਰੱਦ ਕਰਕੇ ਉਨ੍ਹਾਂ ਵਿੱਚੋਂ ਆਸ ਦੀ ਕਿਰਨ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਪੁੱਜ ਕੇ ਉਹ ਦੱਬੇ ਕੁੱਚਲੇ ਲੋਕਾਂ ਅਤੇ ਲੋੜਵੰਦਾਂ ਦੀ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਜੋਹਨਸਨ ਗਿੱਲ, ਪਰਮਿੰਦਰ ਸਿੰਘ, ਕਰਨਜੀਤ ਸਿੰਘ, ਇਕਬਾਲ ਸਿੰਘ, ਜਸਵੰਤ ਸਿੰਘ, ਸਾਹਿਲ ਖਾਨ, ਮਨੋਜ ਕੁਮਾਰ , ਜਗਦੀਪ ਸਿੰਘ, ਮੇਜਰ ਸਿੰਘ, ਜੋਇ, ਨਿਖਿਲ ਛਾਬੜਾ, ਚਾਰਲਸ ਮਸੀਹ ਅਤੇ ਸੈਮਸਨ ਮੱਲ ਹਾਜ਼ਰ ਸਨ।