ਸਿਆਸੀ ਵੱਕਾਰ ਨੂੰ ਸੁਰਜੀਤ ਕਰਨ ਲਈ ਬਾਜਵਾ ਦੇ ਰਹੇ ਨੇ ਵਿਵਾਦਿਤ ਬਿਆਨ: ਅਮਨ ਅਰੋੜਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਦੀ ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਤੇ ਸੂਬੇ ਵਿੱਚ ਵਿਰੋਧੀਆਂ ਦੇ ਏਜੰਡੇ ਨਾਲ ਮੇਲ ਖਾਂਦੇ ਲਾਪ੍ਰਵਾਹੀ ਵਾਲੇ ਬਿਆਨ ਦੇਣ ਲਈ ਆਲੋਚਨਾ ਕੀਤੀ ਹੈ। ਉਨ੍ਹਾਂ ਕਾਂਗਰਸ ਤੇ ਭਾਜਪਾ ’ਤੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਵੱਲੋਂ ਕੀਤੀ ਟਿੱਪਣੀਆਂ ’ਤੇ ਆਪਣੀ ਸਥਿਤੀ ਸਪੱਸ਼ਟ ਕਰਨ ਵਿੱਚ ਅਸਫ਼ਲ ਰਹਿਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਬਾਜਵਾ ਆਪਣੀ ਘੱਟ ਰਹੀ ਰਾਜਸੀ ਸਾਖ਼ ਨੂੰ ਸੁਰਜੀਤ ਕਰਨ ਲਈ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਰਾਜ ਦੀ ਸੁਰੱਖਿਆ ਨੂੰ ਕਮਜ਼ੋਰ ਕਰਦੀਆਂ ਹਨ ਬਲਕਿ ਲੋਕਾਂ ਵਿੱਚ ਡਰ ਪੈਦਾ ਕਰਦੀਆਂ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਤਜਰਬੇਕਾਰ ਸਿਆਸਤਦਾਨ ਹੋਣ ਦੇ ਬਾਵਜੂਦ ਬਾਜਵਾ ਜ਼ਿੰਮੇਵਾਰੀ ਨਾਲ ਕੰਮ ਕਰਨ ਵਿੱਚ ਅਸਫ਼ਲ ਰਹੇ। ਉਨ੍ਹਾਂ ਕਿਹਾ ਕਿ ਬਾਜਵਾ ਦੀਆਂ ਟਿੱਪਣੀਆਂ ਪੰਜਾਬ ਵਿਰੋਧੀ ਤਾਕਤਾਂ ਦਾ ਹੌਸਲਾ ਵਧਾਉਣ ਦਾ ਕੰਮ ਕਰਦੀਆਂ ਹਨ। ਉਨ੍ਹਾਂ ਨੇ ਕਾਂਗਰਸ ਤੇ ਭਾਜਪਾ ਦੋਵਾਂ ਨੂੰ ਚੁਣੌਤੀ ਦਿੰਦਿਆਂ ਮੰਗ ਕੀਤੀ ਕਿ ਉਹ ਇਸ ਮੁੱਦੇ ’ਤੇ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਬਾਜਵਾ ਦੀਆਂ ਖ਼ਤਰਨਾਕ ਟਿੱਪਣੀਆਂ ਅਤੇ ਗੁਰਪਤਵੰਤ ਪੰਨੂ ਵੱਲੋਂ ਦਿੱਤੇ ਸਮਰਥਨ ਨਾਲ ਖੜ੍ਹੇ ਹਨ। ਭਾਜਪਾ ਨੂੰ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ, ਜੋ ਦੇਸ਼ ਦੀ ਸ਼ਾਂਤੀ ਅਤੇ ਸਥਿਰਤਾ ਵਿਰੁੱਧ ਕੰਮ ਕਰ ਰਹੇ ਹਨ।