ਸਿਟੀ ਬਿਊਟੀਫੁੱਲ ਵਿੱਚ ਗਰਮੀ ਦਾ ਕਹਿਰ ਜਾਰੀ
ਆਤਿਸ਼ ਗੁਪਤਾ
ਚੰਡੀਗੜ੍ਹ, 17 ਮਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪਿਛਲੇ ਇਕ ਹਫ਼ਤੇ ਤੋਂ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੌਰਾਨ ਸ਼ਹਿਰ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ, ਜਿਸ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਅਜਿਹੇ ਹਾਲਾਤ ਵਿੱਚ ਆਮ ਜਨ-ਜੀਵਨ ਵਧੇਰੇ ਪ੍ਰਭਾਵਿਤ ਹੋ ਰਿਹਾ ਹੈ। ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਅਤੇ ਗਰਮੀ ਦੇ ਮਾਰੇ ਪਸ਼ੂ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ ਆਉਣ ਵਾਲੀ 19, 20 ਤੇ 21 ਮਈ ਨੂੂੰ ਮੌਸਮ ਦਾ ਮਿਜਾਜ਼ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਸ਼ਹਿਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬੱਦਲਵਾਈ ਤੋਂ ਬਾਅਦ ਹਲਕਾ ਜਾਂ ਦਰਮਿਆਣਾ ਮੀਂਹ ਵੀ ਪੈ ਸਕਦਾ ਹੈ।
ਚੰਡੀਗੜ੍ਹ ਵਿੱਚ ਗਰਮੀ ਵਧਣ ਕਰਕੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਸੰਨਾਟਾ ਪਸਰਿਆ ਹੋਇਆ ਹੈ। ਉੱਧਰ ਸ਼ਹਿਰ ਵਿੱਚ ਸੈਲਾਨੀਆਂ ਦੀ ਆਮਦ ਵੀ ਆਮ ਦਿਨਾਂ ਦੇ ਮੁਕਾਬਲੇ ਘੱਟ ਗਈ ਹੈ। ਅੱਜ ਸ਼ਹਿਰ ਵਿੱਚ ਘੁੰਮਣ ਵਾਲੀਆਂ ਥਾਵਾਂ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਥਾਵਾਂ ’ਤੇ ਵੀ ਲੋਕ ਆਮ ਨਾਲੋਂ ਘੱਟ ਗਿਣਤੀ ਵਿੱਚ ਪਹੁੰਚੇ ਸਨ। ਇਸ ਦੇ ਨਾਲ ਹੀ ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.5 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਘਟਣ ਲੱਗਾ
ਚੰਡੀਗੜ੍ਹ ਵਿੱਚ ਗਰਮੀ ਵਧਣ ਦੇ ਨਾਲ ਹੀ ਸੁਖਨਾ ਝੀਲ ਵਿੱਚ ਵੀ ਪਾਣੀ ਘਟਣ ਸ਼ੁਰੂ ਹੋ ਗਿਆ ਹੈ। ਗਰਮੀ ਕਰਕੇ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਥਾਂ ’ਤੇ ਤਾਂ ਪਾਣੀ ਬਿਲਕੁਲ ਹੀ ਸੁੱਕ ਗਿਆ ਹੈ, ਜਿਸ ਕਰਕੇ ਖਾਲੀ ਮੈਦਾਨ ਸਾਫ ਦਿਖਾਈ ਦੇ ਰਿਹਾ ਹੈ। ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1156 ਫੁੱਟ ਦੇ ਕਰੀਬ ਦਰਜ ਕੀਤਾ ਗਿਆ ਹੈ, ਜੋ ਕਿ ਆਮ ਦੇ ਮੁਕਾਬਲੇ ਤਿੰਨ-ਚਾਰ ਫੁੱਟ ਘੱਟ ਹੈ। ਜ਼ਿਕਰਯੋਗ ਹੈ ਕਿ ਸੁਖਨਾ ਝੀਲ ਵਿੱਚ ਸਿਰਫ਼ ਮੀਂਹ ਦਾ ਪਾਣੀ ਹੀ ਆਉਂਦਾ ਹੈ, ਜੇਕਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਹੀਂ ਪੈਂਦਾ ਤਾਂ ਸੁਖਨਾ ਝੀਲ ਲਈ ਖ਼ਤਰੇ ਦੇ ਬੱਦਲ ਹੋਰ ਵੱਧ ਸਕਦੇ ਹਨ। ਇਸ ਤੋਂ ਪਹਿਲਾਂ ਸਾਲ 2017 ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧੇਰੇ ਘੱਟ ਗਿਆ ਸੀ। ਉਸ ਸਮੇਂ ਸੁਖਨਾ ਝੀਲ ਵਿੱਚ ਧਰਾਤਲ ਸਾਫ ਦਿਖਣਾ ਸ਼ੁਰੂ ਹੋ ਗਿਆ ਸੀ।