ਸਿਵਲ ਸਰਜਨ ਲੁਧਿਆਣਾ ਵੱਲੋਂ ਸਮਰਾਲਾ ਹਸਪਤਾਲ ਦਾ ਦੌਰਾ
ਪੱਤਰ ਪ੍ਰੇਰਕ
ਸਮਰਾਲਾ, 25 ਮਈ
ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਨੇ ਅੱਜ ਇਥੇ ਸਿਵਲ ਹਸਪਤਾਲ ਸਮਰਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ ਐਂਟੀ ਡੇਂਗੂ ਮੁਹਿੰਮ ਤਹਿਤ ਕੀਤੀ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਡਾ. ਰਮਨਦੀਪ ਕੌਰ ਨੇ ਕਿਹਾ ਕਿ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਡੇਂਗੂ ਦੀ ਬਿਮਾਰੀ ਫੈਲਣ ਦਾ ਖਤਰਾ ਰਹਿੰਦਾ ਹੈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਹੇਠ ਚੱਲ ਰਹੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਟੀਮਾਂ ਵੱਲੋਂ ਘਰ-ਘਰ ਜਾ ਕੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਕੂਲਰਾਂ, ਫਰਿੱਜ ਦੀਆਂ ਟਰੇਆਂ, ਟਾਇਰਾਂ, ਛੱਤ ’ਤੇ ਪਿਆ ਕਬਾੜ, ਗਮਲੇ ਆਦਿ ਵਿੱਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ।
ਡਾ. ਤਾਰਕਜੋਤ ਸਿੰਘ ਨੇ ਦੱਸਿਆ ਕਿ ਸਿਵਿਲ ਹਸਪਤਾਲ ਸਮਰਾਲਾ ਦੀ ਟੀਮ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਡੇਂਗੂ ਸਬੰਧੀ ਸੈਮੀਨਾਰ ਲਗਾ ਕੇ ਸਟਾਫ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ। ਟੀਮਾਂ ਵੱਲੋਂ ਡੋਰ ਟੂ ਡੋਰ ਸਰਵੇ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵਿੱਚ ਆਸ਼ਾ ਵਰਕਰ ਪਵਿੰਦਰ ਕੌਰ, ਪੂਜਾ ਰਾਣੀ, ਗੁਰਮੀਤ ਕੌਰ, ਮਨਜੀਤ ਕੌਰ ਅਤੇ ਕੁਲਾਰ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।