ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਨੱਢਾ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਪਰੈਲ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਆਯੂਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੀ ਸਿਹਤ ਏਜੰਸੀ ਦੇ ਕੇਂਦਰ ਵੱਲ ਬਕਾਇਆ ਫੰਡਾਂ ਨੂੰ ਜਲਦ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਕਰੀਬ 50 ਕਰੋੜ ਰੁਪਏ ਆਉਂਦੇ ਕੁਝ ਸਮੇਂ ਵਿੱਚ ਜਾਰੀ ਕਰ ਦਿੱਤੇ ਜਾਣਗੇ। ਡਾ. ਬਲਬੀਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਈ-ਫਾਰਮੇਸੀਆਂ ਨੂੰ ਨਿਯਮਿਤ ਕਰਨ ਲਈ ਸਖਤ ਨਿਯਮ ਅਮਲ ਵਿਚ ਲਿਆਂਦਾ ਜਾਵੇ। ਇਸ ਦੇ ਨਾਲ ਹੀ ਮਨੋਵਿਗਿਆਨਕ ਬੀਮਾਰੀਆਂ ਦੇ ਇਲਾਜ ਨਾਲ ਸਬੰਧਤ ਦਵਾਈਆ (ਸਾਈਕੋਟਰਾਪਿਕ ਦਵਾਈਆਂ) ਬਿਨਾਂ ਡਾਕਟਰੀ ਪਰਚੀ ਦੇ ਵੇਚਣ ਤੋਂ ਰੋਕਿਆ ਜਾਵੇ। ਇਸ ਨਾਲ ਪੰਜਾਬ ਵਿੱਚ ਨਸ਼ਿਆਂ ਖਿਲ਼ਾਫ ਚਲਾਈ ਜਾ ਰਹੀ ਵੱਡੇ ਪੈਮਾਨੇ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਇਸ ’ਤੇ ਸਹਿਮਤੀ ਪ੍ਰਗਟਾਈ ਗਈ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਨਸ਼ਿਆਂ ਦੀ ਮਾਰ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਉਠਾਏ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ।