ਸਿਹਤ ਮੰਤਰੀ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 7 ਮਈ
ਸਿਹਤ ਸੰਸਥਾਵਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਦੌਰਾਨ ਕੈਂਸਰ ਦੇ ਸ਼ੱਕੀ ਮਰੀਜ਼ਾਂ ਦੀ ਮੁੱਢਲੀ ਸਟੇਜ ’ਤੇ ਹੀ ਪਛਾਣ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸਮੇਂ ਸਿਰ ਕੈਂਸਰ ਦਾ ਸਹੀ ਇਲਾਜ ਕੀਤਾ ਜਾ ਸਕੇ। ਇਹ ਹਦਾਇਤਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ (ਸਰਵਿਕਸ) ਅਤੇ ਛਾਤੀ ਦੇ ਕੈਂਸਰ ਦੀ ਸਮੇਂ ਸਿਰ ਪਛਾਣ ਨਾ ਹੋਣ ਕਾਰਨ ਇਹ ਬਿਮਾਰੀ ਗੰਭੀਰ ਰੂਪ ਧਾਰਨ ਕਰ ਲੈਂਦੀ। ਇਸ ਲਈ ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਵੀ ਹਦਾਇਤ ਕੀਤੀ ਕਿ ਸਮੂਹ ਸਿਹਤ ਕੇਂਦਰਾਂ ਵਿੱਚ ਵੀ ਕੈਂਸਰ ਦੀ ਸਕਰੀਨਿੰਗ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਚੈਕਿੰਗ ਦੌਰਾਨ ਰਜਿਸਟਰੇਸ਼ਨ ਕਾਊਂਟਰ, ਗਾਇਨੀ ਓਪੀਡੀ, ਬੱਚਿਆਂ ਦੀ ਓਪੀਡੀ ਅਤੇ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਓਪੀਡੀ ਵਿੱਚ ਡਾਕਟਰਾਂ ਨੂੰ ਮਰੀਜ਼ਾਂ ਦੀ ਜਾਂਚ ਕਰਨ ਲਈ ਵਰਤੋਂ ਵਿੱਚ ਆਉਣ ਵਾਲੇ ਸਾਰੇ ਸਾਜੋ ਸਮਾਨ ਦੀ ਉਪਲੱਬਧਤਾ ਬਾਰੇ ਵੀ ਜਾਣਕਾਰੀ ਲਈ ਅਤੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਤੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਕੋਈ ਵੀ ਦਵਾਈ ਬਾਹਰੋਂ ਨਾ ਲਿਖੀ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਈਆਂ ਜਾਣ।