‘ਸਿੱਖਿਆ ਕ੍ਰਾਂਤੀ’ ਨੂੰ ਭੰਡਣ ਵਾਲਿਆਂ ਨੇ ਸਕੂਲਾਂ ’ਚ ਪਖਾਨੇ ਵੀ ਨਾ ਬਣਵਾਏ: ਬੈਂਸ
ਬੀਐੱਸ ਚਾਨਾ
ਕੀਰਤਪੁਰ ਸਾਹਿਬ, 11 ਅਪਰੈਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਸਿੱਖਿਆਂ ਕ੍ਰਾਂਤੀ ਦੀ ਲਹਿਰ ਦੀ ਨੁਕਤਾਚੀਨੀ ਕਰਨ ਵਾਲਿਆਂ ਦੀ ਖਿਚਾਈ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਆਪਣੇ 75 ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਸੁਧਾਰ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ, ਉਹ ਅੱਜ ਸਾਡੀ ਸਰਕਾਰ ਦੀ ਨੁਕਤਾਚੀਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਲਹਿਰ ਚਲਾਈ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਸਕੂਲਾਂ ਵਿੱਚ ਵਿਕਾਸ ਕੰਮ ਕਰਵਾਏ ਗਏ ਹਨ।
ਕੀਰਤਪੁਰ ਸਾਹਿਬ ਦੇ ਪਿੰਡ ਅਟਾਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਖਾਨੇ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਆਉਂਦੀ ਹੈ। ਇਸ ਮਗਰੋਂ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਕਿ ਹਰ ਸਰਕਾਰੀ ਸਕੂਲ ਵਿੱਚ ਪਖਾਨੇ, ਬੇਸਹਾਰਾ ਪਸ਼ੂਆਂ ਦਾ ਦਾਖਲਾ ਰੋਕਣ ਲਈ ਚਾਰਦੀਵਾਰੀ, ਫਰਸ਼ ’ਤੇ ਬੈਠਣ ਵਾਲੇ ਵਿਦਿਆਰਥੀਆਂ ਲਈ ਫਰਨੀਚਰ ਦੀ ਸਹੂਲਤ ਹਰ ਹਾਲ ਵਿੱਚ ਉਪਲੱਬਧ ਕਰਵਾਈ ਜਾਵੇਗੀ। ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਕੰਮ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਬੁਨਿਆਦੀ ਜ਼ਰੂਰਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਹੁਤ ਸਾਰੇ ਕੰਮ ਪ੍ਰਗਤੀ ਅਧੀਨ ਹਨ। ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੇ ਐੱਸਡੀਐੱਮ ਜਸਪ੍ਰੀਤ ਸਿੰਘ, ਤਹਿਸੀਲਦਾਰ ਸੁਮਿਤ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਚੇਅਰਮੈਨ ਕਮਿੱਕਰ ਸਿੰਘ ਡਾਢੀ, ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਐਜੂਕੇਸ਼ਨ ਕੁਆਰਡੀਨੇਟਰ ਦਇਆ ਸਿੰਘ, ਪ੍ਰਿੰ. ਸ਼ਰਨਜੀਤ ਸਿੰਘ ਸਣੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।