ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਕੁਲਵੰਤ ਸਿੰਘ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 19 ਮਈ
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 79.63 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਵਿਧਾਇਕ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਸਣੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਸਿੱਧੀਆਂ ਗੱਲਾਂ ਕੀਤੀਆਂ। ਸਭ ਤੋਂ ਪਹਿਲਾਂ ਵਿਧਾਇਕ ਨੇ ਇਤਿਹਾਸਕ ਪਿੰਡ ਦਾਊਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ 17.06 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਸਮਾਰਟ ਕਲਾਸ-ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਉਪਰੰਤ ਪਿੰਡ ਦਾਊਂ (ਰਾਮਗੜ੍ਹ) ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਵਿੱਚ 37.55 ਲੱਖ ਦੀ ਲਾਗਤ ਨਾਲ ਬਣੇ ਪੰਜ ਸਮਾਰਟ ਕਲਾਸ-ਰੂਮ, ਪਿੰਡ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15.02 ਲੱਖ ਦੀ ਲਾਗਤ ਨਾਲ ਬਣੇ ਦੋ ਸਮਾਰਟ ਕਲਾਸ-ਰੂਮ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਫੇਜ਼-6 ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਸੰਪੂਰਨ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਉਨ੍ਹਾਂ ਨੇ ਸਰਕਾਰੀ ਹਾਈ ਸਮਾਰਟ ਸਕੂਲ ਦਾਊਂ ਦੇ ਦਸਵੀਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਭਗਵੰਤ ਮਾਨ ਸਰਕਾਰ ਵਚਨਬੱਧ ਹੈ, ਕਿਉਂਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇ ਨਾਗਰਿਕਾਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਐੱਸਡੀਐੱਮ ਦਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਸਕੂਲ ਕਮੇਟੀ ਦੇ ਚੇਅਰਮੈਨ ਆਰਪੀ ਸ਼ਰਮਾ, ਸਰਪੰਚ ਗੁਰਨਾਮ ਸਿੰਘ ਕਾਲਾ ਅਤੇ ਅਧਿਆਪਕਾਂ ਸਣੇ ਪੰਚ-ਸਰਪੰਚ ਅਤੇ ‘ਆਪ’ ਵਾਲੰਟੀਅਰ ਮੌਜੂਦ ਸਨ।