ਸਿੱਖਿਆ ਦੇ ਖੇਤਰ ’ਚ ਕ੍ਰਾਂਤੀ ਆਈ: ਗੱਜਣਮਾਜਰਾ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ , 23 ਅਪਰੈਲ
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਅਮਰਗੜ੍ਹ ਦੇ ਪਿੰਡ ਬਨਭੌਰਾ ਤੇ ਮਾਣਕਮਾਜਰਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਸਦਕਾ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਏ ਹਨ। ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਦੇ 4 ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਰੀਬ 40 ਲੱਖ 4 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਨਭੌਰਾ ਵਿੱਚ 17 ਲੱਖ 6 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਮਰੇ, ਸਰਕਾਰੀ ਪ੍ਰਾਇਮਰੀ ਸਕੂਲ ਮਾਣਕਮਾਜਰਾ ਵਿੱਚ ਕਰੀਬ 9 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਕਮਰਾ ਅਤੇ ਕਮਰੇ ਦਾ ਨਵੀਨੀਕਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨਭੌਰਾ ਵਿੱਚ 10 ਲੱਖ 79 ਹਜ਼ਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਮਾਜਰਾ ਵਿੱਚ 2 ਲੱਖ 80 ਹਜ਼ਾਰ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਸ਼ਾਮਲ ਹੈ।