ਸਿੱਖਿਆ ਦੇ ਖੇਤਰ ’ਚ ਪ੍ਰਾਈਵੇਟ ਸੈਕਟਰ ਦਾ ਵੱਡਾ ਯੋਗਦਾਨ: ਬੇਦੀ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 31 ਮਾਰਚ
ਇੱਥੋਂ ਦੇ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਵਿੱਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਸਮਾਜ ਸੇਵੀ ਸੁਰਿੰਦਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਸੀਨੀਅਰ ਐਡਵੋਕੇਟ ਸੰਜੀਵ ਸ਼ਰਮਾ ਨੇ ਕੀਤੀ। ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਸੈਕਟਰ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਵਿੱਦਿਆ ਨਿਕੇਤਨ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਨੂੰ ਵੀ ਸਲੂਟ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਮਾਪਿਆਂ ਦੀ ਯੋਗ ਅਗਵਾਈ ਦੇ ਨਾਲ-ਨਾਲ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਇਸ ਮੌਕੇ ਵੱਖ-ਵੱਖ ਜਮਾਤਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਇਨਾਮ ਵੰਡੇ ਅਤੇ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਜਯੋਤੀ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਅਤੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਹਰੇਕ ਸਾਲ ਸਕੂਲ ਦਾ ਨਤੀਜਾ 100 ਫੀਸਦੀ ਆਉਂਦਾ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਬੱਚੇ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ।