ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ: ਰੌੜੀ
ਜੇ.ਬੀ. ਸੇਖੋਂ
ਗੜ੍ਹਸ਼ੰਕਰ, 17 ਅਪਰੈਲ
ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 24.94 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪੀ.ਐਮ. ਸ਼੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮਾਹਿਲਪੁਰ ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਖਾਬੜਾ ਵਿੱਚ ਚਾਰਦੀਵਾਰੀ ਦੀ ਉਸਾਰੀ, ਸਰਕਾਰੀ ਪ੍ਰਾਇਮਰੀ ਸਕੂਲ, ਲੱਲੀਆਂ ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਸੌਲੀ ਵਿੱਚ ਚਾਰਦੀਵਾਰੀ ਅਤੇ ਨਵੇਂ ਕਲਾਸਰੂਮ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਕੋਟ ਵਿੱਚ ਕਲਾਸਰੂਮ ਦਾ ਉਦਘਾਟਨ ਕੀਤਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਗੜ੍ਹਸ਼ੰਕਰ ਖੇਤਰ ਦੇ ਹੋਰ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।
x