‘ਸਿੱਖ ਅਧਿਐਨ ’ਚ ਮੌਜੂਦਾ ਰੁਝਾਨ’ ਵਿਸ਼ੇ ’ਤੇ ਵਿਸ਼ਵ ਸਿੱਖ ਕਾਨਫਰੰਸ ਸ਼ੁਰੂ
ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਅਪਰੈਲ
ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ‘ਸਿੱਖ ਅਧਿਐਨ ਵਿੱਚ ਮੌਜੂਦਾ ਰੁਝਾਨ’ ਵਿਸ਼ੇ ’ਤੇ ਉਲੀਕੀ ਤਿੰਨ ਦਿਨਾ ਵਿਸ਼ਵ ਸਿੱਖ ਕਾਨਫ਼ਰੰਸ ਅੱਜ ਚੇਅਰ ਦੇ ਪ੍ਰੋਫ਼ੈਸਰ ਇੰਚਾਰਜ ਡਾ. ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਉਨ੍ਹਾ ਦੱਸਿਆ ਕਿ ਇਹ ਕਾਨਫ਼ਰੰਸ ਹਰ ਸਾਲ ਵੱਡੇ ਪੱਧਰ ’ਤੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਤਾਂ ਜੋ ਸਿੱਖ ਅਧਿਐਨ ਬਾਰੇ ਗੱਲ ਕੀਤੀ ਜਾ ਸਕੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਸਿੱਖ ਫ਼ਿਲਾਸਫ਼ੀ ਦੇ ਤਿੰਨ ਸਿਧਾਂਤਾਂ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਬਾਰੇ ਵਿਚਾਰ ਪੇਸ਼ ਕੀਤੇ। ਕਾਨਫਰੰਸ ’ਚ ਉਦਘਾਟਨੀ ਭਾਸ਼ਣ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਪ੍ਰੋਫ਼ੈਸਰ ਅਤੇ ਡੀਨ ਭਾਸ਼ਾਵਾਂ ਡਾ. ਧਰਮ ਸਿੰਘ ਨੇ ਭਾਈ ਗੁਰਦਾਸ ਜੀ ਤੋਂ ਲੈ ਕੇ ਅੱਜ ਦੇ ਸਿੱਖ ਅਧਿਐਨ ਬਾਰੇ ਵਿਚਾਰ ਪ੍ਰਸਤੁਤ ਕੀਤੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਗੁਰਪਾਲ ਸਿੰਘ ਸੰਧੂ ਨੇ ਮੁੱਖ-ਸੁਰ ਭਾਸ਼ਣ ਦਿੱਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਡਾ. ਸਰਬਜਿੰਦਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਅਜੋਕੇ ਸਮੇਂ ਵਿਚ ਨੌਜਵਾਨਾਂ ਦੇ ਸਿੱਖ ਅਧਿਐਨ ਵੱਲ ਘੱਟਦੇ ਰੁਝਾਨ ਬਾਰੇ ਚਿੰਤਾ ਪ੍ਰਗਟਾਈ।