ਸਿੱਖ ਨੌਜਵਾਨ ਨੂੰ ਕੁੱਟਣ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 12 ਜੂਨ
ਸ੍ਰੀ ਮੁਕਤਸਰ ਸਾਹਿਬ ਦੇ ਬੱਸ ਅੱਡੇ ਨੇੜੇ ਸ਼ਿਵ ਸੈਨਾ ਦੇ ਕਾਰਕੁਨਾਂ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ’ਚ ਮੁਕਤਸਰ ਪੁਲੀਸ ਨੇ ਸ਼ਿਵ ਸੈਨਾ ਪੰਜਾਬ ਦੇ ਮੁਖੀ ਰਾਜੇਸ਼ ਗਰਗ ਸਮੇਤ ਸੱਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਵੀਡੀਓ ਨੂੰ ਸਬੂਤ ਵਜੋਂ ਵਰਤਦਿਆਂ ਕੁੱਟਮਾਰ ਕਰਨ ਵਾਲੇ ਬਾਕੀ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਮਾਮਲੇ ’ਚ ਸ਼ਿਵ ਸੈਨਾ ਦੇ ਪ੍ਰਧਾਨ ਰਾਜੇਸ਼ ਗਰਗ ਨਾਲ ਗੰਨਮੈਨਾਂ ਵਜੋਂ ਤਾਇਨਾਤ ਦੋ ਪੁਲੀਸ ਮੁਲਾਜ਼ਮ ਨੂੰ ਵੀ ਲਾਈਨ ਹਾਜ਼ਰ ਕਰ ਲਿਆ ਗਿਆ ਹੈ। ਪੁਲੀਸ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕਰੇਗਾ। ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਸ਼ਿਵ ਸੈਨਾ ਪੰਜਾਬ ਦੇ ਮੁਖੀ ਨੂੰ ਗ੍ਰਿਫ਼ਤਾਰ ਨਾ ਕਰਨ ’ਤੇ ਰੋਸ ਪ੍ਰਗਟ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਭਲਕੇ 13 ਜੂਨ ਨੂੰ ਧਰਨਾ ਦੇਣਗੇ।
ਗੁਰਵਿੰਦਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ। ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਗੁਰਵਿੰਦਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਇਸ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਸ਼ਿਵ ਸੈਨਾ ਪ੍ਰਧਾਨ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਮੁਕਤਸਰ ਦੇ ਗੁਰਦੁਆਰਾ ਤਰਨਤਾਰਨ ਸਾਹਿਬ ਵਿੱਚ ਅੱਜ ਸਿੱਖ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਘਟਨਾ ਦੀ ਨਿਖੇਧੀ ਕਰਦੇ ਹੋਏ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਅਤੇ ਹੋਰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਦੌਰਾਨ ਜਥੇਬੰਦੀਆਂ ਨੇ ਸੰਘਰਸ਼ ਦੀ ਰੂਪ-ਰੇਖਾ ਲਈ ਭਲਕੇ 13 ਜੂਨ ਨੂੰ ਬਠਿੰਡਾ ਰੋਡ ਸਥਿਤ ਗੁਰਦੁਆਰਾ ਤਰਨਤਾਰਨ ਸਾਹਿਬ ’ਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪੁਲੀਸ ਮਾਮਲੇ ’ਚ ਮੁੱਖ ਮੁਲਜ਼ਮ ਰਾਜੇਸ਼ ਗਰਗ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਪੀੜਤ ’ਤੇ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਸੰਘਰਸ਼ ਕਾਰਨ ਪੁਲੀਸ ਨੇ ਧਾਰਾ 299 ਤੋਂ ਬਾਅਦ ਮਾਮਲੇ ’ਚ ਧਾਰਾ 295 ਏ ਜੋੜ ਦਿੱਤੀ ਹੈ ਪਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ।Advertisement